ਹਾਂਗਕਾਂਗ : ਇੱਥੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਦਰਜਨਾਂ ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਚੀਨ ਦੇ ਰਾਸ਼ਟਰੀ ਦਿਵਸ ਮੌਕੇ ਹਾਂਗਕਾਂਗ ਵਿੱਚ ਲੋਕਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਮਾਰਚ ਕੱਢਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪ੍ਰਦਰਸ਼ਨਕਾਰੀ ਨਹੀਂ ਰੁਕੇ ਤਾਂ ਪੁਲਿਸ ਨੂੰ ਜਬਰਨ ਗ੍ਰਿਫਤਾਰ ਕਰਨਾ ਪਿਆ।
ਪੁਲਿਸ ਨੇ ਡਾਊਨ ਟਾਊਨ ਇਲਾਕੇ ਵਿੱਚ 50 ਤੋਂ ਜ਼ਿਆਦਾ ਲੋਕਾਂ ਨੂੰ ਬੱਸਾਂ ਵਿੱਚ ਚੜ੍ਹਨ ਤੋਂ ਰੋਕ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਲੋਕ ਗੁੱਟਾਂ ‘ਤੇ ਵਿਰੋਧੀ ਪੱਟੀ ਬੰਨ੍ਹ ਕੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਜਾ ਰਹੇ ਸਨ। ਪੁਲਿਸ ਉਨ੍ਹਾਂ ਦੋ ਨੌਜਵਾਨਾਂ ਦੀ ਭਾਲ ਕਰ ਰਹੀ ਹੈ, ਜਿਨ੍ਹਾਂ ਨੇ ਸੜਕ ‘ਤੇ ਪੈਟਰੋਲ ਬੰਬ ਸੁੱਟ ਕੇ ਟਰੈਫ਼ਿਕ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਸਥਿਤੀ ਨੂੰ ਕੰਟਰੋਲ ਕਰਨ ਲਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ।
ਇਸ ਦੌਰਾਨ ਹਾਂਗਕਾਂਗ ਦੀ ਮੁੱਖ ਕਾਰਜਕਾਰੀ ਕੈਰੀ ਲੈਮ ਨੇ ਅਰਧ ਖ਼ੁਦਮੁਖਤਾਰ ਖੇਤਰ’ ਚ ਫਿਰ ਤੋਂ ਸ਼ਾਂਤੀ ਅਤੇ ਸਥਿਰਤਾ ਕਾਇਮ ਹੋਣ ਤੇ ਖੁਸ਼ੀ ਪ੍ਰਗਟ ਕੀਤੀ। ਲੈਮ ਚੀਨ ਦੇ ਰਾਸ਼ਟਰੀ ਦਿਵਸ ਤੇ ਕਰਵਾਏ ਪ੍ਰੋਗਰਾਮ ‘ਚ ਬੋਲ ਰਹੀ ਸੀ।