ਮੋਗਾ: ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਲੋਂ ਅੱਜ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਟਰੈਕਟਰ ਰੈਲੀ ਸ਼ੁਰੂ ਕੀਤੀ ਗਈ। ਮੋਗਾ ਦੇ ਬੱਧਣੀ ਕਲਾਂ ਵਿੱਚ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਅੰਬਾਨੀ ਤੇ ਅਡਾਨੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਹੈ।
ਉਹ ਡੋਰ ਖਿੱਚਦੇ ਤੇ ਸਰਕਾਰ ਉਨ੍ਹਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਦੇਸ਼ ਦੇ ਅੰਨਦਾਤਾ ਹਨ ਪਰ ਅੱਜ ਮੋਦੀ ਸਰਕਾਰ ਉਨ੍ਹਾਂ ਦਾ ਘਾਣ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਵਾਲ ਕੀਤਾ ਕਿ ਕਰੋਨਾ ਮਹਾਮਾਰੀ ਦੇ ਦੌਰਾਨ ਹੀ ਖੇਤੀ ਕਾਨੂੰਨ ਲਿਆਉਣ ਦੀ ਕੀ ਕਾਹਲ ਸੀ।
ਕਰੋਨਾ ਦੌਰਾਨ ਵੱਡੇ ਸਨਅਤਕਾਰਾਂ ਨੂੰ ਤਾਂ ਰਾਹਤ ਦੇ ਦਿੱਤੀ ਪਰ ਗਰੀਬਾਂ ਖਾਸ ਕਰਕੇ ਕਿਸਾਨਾਂ ਦਾ ਕਚੂਮਰ ਕੱਢਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਦੇ ਕਿਸਾਨ ਨਾਲ ਖੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਉਣ ‘ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਜਾਵੇਗਾ। ਰੈਲੀ ਨੂੰ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਹਰੀਸ਼ ਰਾਵਤ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।