ਅਫਗਾਨਿਸਤਾਨ ‘ਚ ਸੰਯੁਕਤ ਰਾਸ਼ਟਰ ਨੂੰ ਝਟਕਾ, ਤਾਲਿਬਾਨ ਨੇ ਹੁਣ UN ਮਹਿਲਾ ਕਰਮਚਾਰੀਆਂ ‘ਤੇ ਵੀ ਲਗਾਈ ਪਾਬੰਦੀ

Rajneet Kaur
2 Min Read

ਨਿਊਜ਼ ਡੈਸਕ: ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ‘ਤੇ ਕਈ ਪਾਬੰਦੀਆਂ ਲਗਾਈਆਂ ਹਨ ਅਤੇ ਹੁਣ ਇਸ ਸਰਕਾਰ ਨੇ ਸੰਯੁਕਤ ਰਾਸ਼ਟਰ ਦੀਆਂ ਮਹਿਲਾ ਕਰਮਚਾਰੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਵੇਂ ਫਰਮਾਨ ਦੇ ਬਾਅਦ, ਸੰਯੁਕਤ ਰਾਸ਼ਟਰ ਦੀ ਮਹਿਲਾ ਅਫਗਾਨ ਸਟਾਫ ਦੇ ਅਫਗਾਨਿਸਤਾਨ ਵਿੱਚ ਕੰਮ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨੇ ਦਿੱਤੀ ਹੈ।

ਸੰਯੁਕਤ ਰਾਸ਼ਟਰ ਮਿਸ਼ਨ ਨੇ ਤਾਲਿਬਾਨ ਸਰਕਾਰ ਦੇ ਫ਼ਰਮਾਨ ਤੋਂ ਬਾਅਦ ਆਪਣੀਆਂ ਮਹਿਲਾ ਕਰਮਚਾਰੀਆਂ ‘ਤੇ ਪਾਬੰਦੀ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਡੁਜਾਰਿਕ ਨੇ ਕਿਹਾ, “ਅਸੀਂ ਸਭ ਤੋਂ ਕਮਜ਼ੋਰ, ਖਾਸ ਕਰਕੇ ਔਰਤਾਂ ਅਤੇ ਲੜਕੀਆਂ ਤੱਕ ਪਹੁੰਚਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਾਂਗੇ।” ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨੂੰ ਵੱਖ-ਵੱਖ ਚੈਨਲਾਂ ਰਾਹੀਂ ਦੱਸਿਆ ਗਿਆ ਕਿ ਇਹ ਪਾਬੰਦੀ ਦੇਸ਼ ਭਰ ਵਿੱਚ ਲਾਗੂ ਹੈ। ਇਸ ਪੂਰੇ ਮਾਮਲੇ ‘ਤੇ ਤਾਲਿਬਾਨ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਤਾਲਿਬਾਨ ਸਰਕਾਰ ਨੇ ਅਫਗਾਨਿਸਤਾਨ ‘ਚ ਸੱਤਾ ‘ਚ ਆਉਣ ਤੋਂ ਪਹਿਲਾਂ ਉਦਾਰ ਸ਼ਾਸਨ ਦੇ ਸਬੰਧ ਵਿਚ ਕਈ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਤਾਲਿਬਾਨ ਨੇ ਔਰਤਾਂ ਦੇ ਅਧਿਕਾਰਾਂ ਵਿਰੁੱਧ ਕਈ ਸਖ਼ਤ ਫੈਸਲੇ ਲਏ ਹਨ। ਸਰਕਾਰੀ ਫ਼ਰਮਾਨ ਅਨੁਸਾਰ ਅਫ਼ਗਾਨਿਸਤਾਨ ਵਿੱਚ ਕੁੜੀਆਂ ਨੂੰ ਛੇਵੀਂ ਜਮਾਤ ਤੋਂ ਬਾਅਦ ਪੜ੍ਹਾਈ ਕਰਨ ’ਤੇ ਪਾਬੰਦੀ ਹੈ। ਔਰਤਾਂ ਨੂੰ ਕੰਮ ਕਰਨ, ਪੜ੍ਹਾਈ ਕਰਨ, ਮਰਦ ਸਾਥੀ ਤੋਂ ਬਿਨਾਂ ਯਾਤਰਾ ਕਰਨ ਅਤੇ ਇੱਥੋਂ ਤੱਕ ਕਿ ਪਾਰਕਾਂ ਵਿੱਚ ਜਾਣ ਦੀ ਵੀ ਮਨਾਹੀ ਹੈ। ਨਾਲ ਹੀ ਔਰਤਾਂ ਨੂੰ ਸਿਰ ਤੋਂ ਪੈਰਾਂ ਤੱਕ ਢੱਕਣ ਲਈ ਕਿਹਾ ਗਿਆ ਹੈ।

ਅਫਗਾਨ ਔਰਤਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾਵਾਂ ਵਿੱਚ ਕੰਮ ਕਰਨ ਤੋਂ ਵੀ ਰੋਕਿਆ ਗਿਆ ਹੈ। ਹਾਲਾਂਕਿ ਸੰਯੁਕਤ ਰਾਸ਼ਟਰ ਲਈ ਕੰਮ ਕਰਨ ਵਾਲੀਆਂ ਔਰਤਾਂ ਨੂੰ ਐਨਜੀਓ ਪਾਬੰਦੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ, ਸੰਯੁਕਤ ਰਾਸ਼ਟਰ ਨੇ ਖਦਸ਼ਾ ਜ਼ਾਹਰ ਕੀਤਾ ਕਿ ਸੰਯੁਕਤ ਰਾਸ਼ਟਰ ਲਈ ਕੰਮ ਕਰਨ ਵਾਲੀਆਂ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment