ਬਰਨਾਲਾ: ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਬੁਲਡੋਜ਼ਰ ਮੁਹਿੰਮ ਤਹਿਤ ਅੱਜ ਬਰਨਾਲਾ ਦੀ ਨਗਰ ਪੰਚਾਇਤ ਹੰਡਿਆਇਆ ਵਿੱਚ ਇੱਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ। ਇਲਜ਼ਾਮ ਹੈ ਕਿ ਇਨ੍ਹਾਂ ਲੋਕਾਂ ਨੇ ਨਸ਼ਾ ਤਸਕਰਾਂ ਦੇ ਪੈਸੇ ਨਾਲ ਪੰਚਾਇਤੀ ਜ਼ਮੀਨ ‘ਤੇ ਇਮਾਰਤ ਬਣਾਈ ਸੀ। ਇਹ ਕਾਰਵਾਈ ਹੰਡਿਆਇਆ ਨਗਰ ਪੰਚਾਇਤ ਅਤੇ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਹੈ। SSP ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਖੁਦ ਮੌਕੇ ‘ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ।
ਐਸਐਸਪੀ ਬਰਨਾਲਾ ਨੇ ਦੱਸਿਆ ਕਿ ਇਸ ਗੈਰ-ਕਾਨੂੰਨੀ ਜਾਇਦਾਦ ਲਈ ਇੱਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਅਤੇ ਇਸ ਘਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਨਸ਼ਾ ਤਸਕਰੀ ਦੇ ਲਗਭਗ 16 ਮਾਮਲਿਆਂ ਵਿੱਚ ਸ਼ਾਮਿਲ ਪਾਇਆ ਗਿਆ ਹੈ। ਐਸਐਸਪੀ ਬਰਨਾਲਾ ਨੇ ਕਿਹਾ ਕਿ ਜੇਕਰ ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ 6 ਥਾਵਾਂ ‘ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ। ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜਦੋਂ ਕਿ ਨਸ਼ੇੜੀਆਂ ਦਾ ਹਸਪਤਾਲਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ।