ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦੇ ਹੋਏ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦਾ ਹਿੱਸਾ ਹੋਣਗੇ।
ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ ਹਨ। ਇਹ ਕਮੇਟੀ ਕੇ.ਏ.ਪੀ. ਸਿਨਹਾ, ਵਿਵੇਕ ਪ੍ਰਤਾਪ ਸਿੰਘ ਅਤੇ ਹੁਸਨ ਲਾਲ ਜੋ ਪ੍ਰਮੁੱਖ ਸਕੱਤਰ ਰੈਂਕ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਹਨ, ਉਤੇ ਅਧਾਰਿਤ ਹੋਵੇਗੀ। ਅਧਿਕਾਰੀਆਂ ਦੀ ਇਹ ਕਮੇਟੀ ਨਿਰੰਤਰ ਤੌਰ ਉਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਯਤਨ ਕਰੇਗੀ। ਇਹ ਕਮੇਟੀ ਨਿਗਰਾਨ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੇਗੀ ਜੋ ਅਗਲੇਰਾ ਫੈਸਲਾ ਲਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ।