ਚੰਡੀਗੜ੍ਹ : ਹੁਣ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਦੇ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਕ ਕਰੈਚ ਦਾ ਨਿਰਮਾਣ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਕੰਮ ਇਸੇ ਮਹੀਨੇ ਸ਼ੁਰੂ ਹੋ ਜਾਵੇਗਾ। ਇਹ ਕਰੈਚ 4 ਮਹੀਨਿਆਂ ਵਿਚ ਤਿਆਰ ਹੋ ਜਾਵੇਗੀ। ਪੁਲਿਸ ਪ੍ਰੋਜੈਕਟ ਵਿਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਨਾਲ ਹੀ ਇਹ ਪ੍ਰਾਜੈਕਟ ਪ੍ਰਾਈਵੇਟ ਕੰਪਨੀ ਦੀ ਮਦਦ ਨਾਲ ਪੂਰਾ ਕੀਤਾ ਜਾਵੇਗਾ। ਇਸ ਕਰੈਚ ਨੂੰ ਚਲਾਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ।
ਸਰਕਾਰ ਦੇ ਪਾਇਲਟ ਪ੍ਰੋਜੈਕਟ ਰਾਹੀਂ ਕੁਝ ਵੱਡੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜੁਡੀਸ਼ੀਅਲ ਕੰਪਲੈਕਸ ਬਣਾਏ ਗਏ ਸਨ। ਇਨ੍ਹਾਂ ਵਿਚ ਮੁਹਾਲੀ ਅਤੇ ਲੁਧਿਆਣਾ ਜ਼ਿਲ੍ਹੇ ਵੀ ਸ਼ਾਮਲ ਹਨ, ਜਿਨ੍ਹਾਂ ਦਾ ਹੁੰਗਾਰਾ ਕਾਫ਼ੀ ਚੰਗਾ ਰਿਹਾ ਹੈ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਵਿਭਾਗਾਂ ਵਿਚ ਤਾਇਨਾਤ ਪਰਿਵਾਰਕ ਮੈਂਬਰ ਆਪਣੇ ਬੱਚਿਆਂ ਨੂੰ ਜਦੋਂ ਮਰਜ਼ੀ ਮਿਲੇ। ਇਸ ਦੇ ਨਾਲ ਹੀ ਇਸ ਕਾਰਨ ਉਨ੍ਹਾਂ ਦਾ ਕੰਮ ਵੀ ਸੁਧਰ ਜਾਂਦਾ ਹੈ।
ਪੰਜਾਬ ਸਰਕਾਰ ਵੀ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਗੰਭੀਰਤਾ ਨੂੰ ਸਮਝਦੀ ਹੈ। ਅਜਿਹੇ ‘ਚ ਸਰਕਾਰ ਇਨ੍ਹਾਂ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਹੁਣ ਹਰ ਸਾਲ ਪੁਲਿਸ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਮੁੱਖ ਮੰਤਰੀ ਦੇ ਦਸਤਖ਼ਤ ਵਾਲਾ ਕਾਰਡ ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਜਨਮ ਦਿਨ, ਵਰ੍ਹੇਗੰਢ ਅਤੇ ਛੁੱਟੀਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿਖਲਾਈ ਪ੍ਰੋਗਰਾਮ ਅਤੇ ਸੈਸ਼ਨ ਆਯੋਜਿਤ ਕੀਤੇ ਜਾਂਦੇ ਹਨ।