ਅੰਮ੍ਰਿਤਸਰ: ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਨਵੰਬਰ 1984 ’ਚ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਤੇ ਜਦੋਂ ਵੀ ਭੀੜ ਬਣੀ ਤਾਂ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ। ਪਰੰਤੂ ਦੇਸ਼ ਅੰਦਰ ਹੀ ਸਿੱਖਾਂ ਨੂੰ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਘਿਨੌਣਾ ਕਾਰਾ ਸੀ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ। ਉਨ੍ਹਾਂ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਸਿੱਖ ਕਤਲੇਆਮ ’ਚ ਕਾਂਗਰਸੀ ਆਗੂ ਕਮਲਨਾਥ ਨੂੰ ਬੇਦੋਸ਼ਾ ਸਾਬਤ ਕਰਨ ਦੇ ਬਿਆਨ ਦੀ ਵੀ ਕਰੜੀ ਆਲੋਚਨਾ ਕੀਤੀ।