ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

Global Team
2 Min Read

ਅੰਮ੍ਰਿਤਸਰ -ਸੰਨ 1921 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ, ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਵੱਖ-ਵੱਖ ਬੁਲਾਰਿਆਂ ਨੇ ਸੰਗਤ ਨੂੰ ਸੰਬੋਧਨ ਕੀਤਾ।

ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਦੀ ਗਾਥਾ ਬਿਆਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਈ ਵਿਚਾਰਧਾਰਾ ਅਤੇ ਸਿਧਾਂਤਾਂ ’ਤੇ ਚੱਲ ਕੇ ਸ਼ਹਾਦਤਾਂ ਦੇਣ ਵਾਲੇ ਯੋਧਿਆਂ ਨਾਲ ਸਿੱਖ ਇਤਿਹਾਸ ਭਰਿਆ ਪਿਆ ਹੈ, ਜਿਨ੍ਹਾਂ ਦੀ ਸ਼ਹਾਦਤ ਤੋਂ ਸਾਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਬਣਿਆ ਹੈ, ਜਿਸ ਦੀ ਸਿੱਖ ਕੌਮ ਨੂੰ ਵੱਡੀ ਦੇਣ ਹੈ। ਇਸ ਕਾਲਜ ਨੇ ਅਨੇਕਾਂ ਵਿਦਵਾਨ ਅਤੇ ਪੰਥ ਪ੍ਰਸਿੱਧ ਰਾਗੀ ਕੌਮ ਨੂੰ ਦਿੱਤੇ ਹਨ, ਜਿਨ੍ਹਾਂ ਨੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ ਹੈ।

ਸਮਾਗਮ ਦੌਰਾਨ ਜਿਥੇ ਪੰਥ ਪ੍ਰਸਿੱਧ ਕਥਾਵਾਚਕਾ ਦਾ ਸਨਮਾਨ ਕੀਤਾ ਗਿਆ, ਉਥੇ ਹੀ ਡਾ. ਕੇਹਰ ਸਿੰਘ ਨੂੰ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸੁਖਮੰਦਰ ਸਿੰਘ ਆਸਟ੍ਰੇਲੀਆ ਨੂੰ ਪ੍ਰੋ. ਅਵਤਾਰ ਸਿੰਘ ਜੀ ਨਾਜ਼ ਯਾਦਗਾਰੀ ਸਨਮਾਨ ਨਾਲ ਨਿਵਾਜਿਆ ਗਿਆ। ਸਮਾਗਮ ਦੌਰਾਨ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਕਾਲਜ ਦੇ ਪ੍ਰਿੰਸੀਪਲ ਮਨਜੀਤ ਕੌਰ ਵੱਲੋਂ ਧੰਨਵਾਦ ਕੀਤਾ ਗਿਆ।

Share This Article
Leave a Comment