ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਾਝਾ ਖੇਤਰ ਵਿੱਚ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਅਕਾਲੀ ਦਲ ਵਿੱਚ ਅੱਜ ਸ਼ਾਮਲ ਹੋਣ ਵਾਲਿਆਂ ਵਿੱਚ ਕੈਪਟਨ ਬਿਕਮਰਜੀਤ ਸਿੰਘ ਪਾਹੁਵਿੰਡ ਸ਼ਾਮਲ ਹਨ ਜੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਰਹੇ ਹਨ। ਉਹ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਪ੍ਰਧਾਨ ਵੀ ਰਹੇ ਹਨ। ਸਰਦਾਰ ਮਜੀਠੀਆ ਨੇ ਐਲਾਨ ਕੀਤਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਕੀਤੇ ਸਲਾਹ ਮਸ਼ਵਰੇ ਮੁਤਾਬਕ ਕੈਪਟਨ ਬਿਕਰਮਜੀਤ ਸਿੰਘ ਨੁੰ ਅਕਾਲੀ ਦਲ ਦਾ ਬੁਲਾਰਾ ਅਤੇ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸਰਦਾਰ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਜੈਦੀਪ ਸਿੰਘ, ਜੋ ਕਿ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਸੰਧੂ ਦੇ ਪੁੱਤਰ ਹਨ, ਨੁੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੈਦੀਪ ਨੁੰ ਰਾਜਾਸਾਂਸੀ ਤੋਂ ਪਾਰਟੀ ਦੀ ਟਿਕਟ ਦੇਣ ਦਾ ਵਾਅਦਾ ਕੀਤਾ ਸੀ ਪਰ ਪਾਰਟੀ ਨੇ ਇਹ ਟਿਕਟ ਵੇਚਣ ਦਾ ਫੈਸਲਾ ਕੀਤਾ ਜਿਵੇਂ ਕਿ ਇਹ ਪਹਿਲਾਂ ਵੀ ਕਰਦੀ ਰਹੀ ਹੈ। ਉਹਨਾਂ ਨੇ ਜੈਦੀਪ ਨੁੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ।
ਸਰਦਾਰ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਅਮਰ ਮਸੀਹ ਤੇ ਗੁਰਿੰਦਰ ਸਿੰਘ ਨੁੰ ਵੀ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸੀਨੀਅਰ ਆਗੂ ਤੇ ਪਾਰਟੀ ਦੇ ਖੇਮਕਰਨ ਤੋਂ ਉਮੀਦਵਾਰ ਸਰਦਾਰ ਵਿਰਸਾ ਸਿੰਘ ਵਲਟੋਹਾ ਵੀ ਹਾਜ਼ਰ ਸਨ।