Aam Aadmi Clinic : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਪੰਜਾਬ ‘ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ਉਤੇ 842 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਪੰਜਾਬ ਸਰਕਾਰ ਦੀ ਇਸ ਪਹਿਲ ਦੇ ਬੜੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਆਮ ਆਦਮੀ ਕਲੀਨਿਕ (Aam Aadmi Clinic ) ਵਿਚ ਹੁਣ ਤੱਕ ਲੱਖਾਂ ਲੋਕ ਆਪਣਾ ਇਲਾਜ਼ ਕਰਵਾ ਚੁੱਕੇ ਹਨ। ਆਮ ਆਦਮੀ ਕਲੀਨਿਕ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਇਲਾਕੇ ‘ਚ ਹੀ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ, ਜਿਸ ਨਾਲ ਵੱਡੇ ਹਸਪਤਾਲਾਂ ਦੀ ਭੀੜ ਨੂੰ ਘਟਾਇਆ ਜਾ ਸਕੇ।ਕਲੀਨਿਕਾਂ ਵਿੱਚ ਤਜਰਬਾਕਾਰ ਡਾਕਟਰਾਂ, ਨਰਸਾਂ ਅਤੇ ਸਟਾਫ਼ ਦੀ ਟੀਮ ਹੁੰਦੀ ਹੈ ਜੋ ਹਰ ਕਿਸਮ ਦੇ ਰੋਗਾਂ ਦੀ ਪਛਾਣ ਅਤੇ ਇਲਾਜ ‘ਚ ਮਦਦ ਕਰਦੀ ਹੈ। ਇਨ੍ਹਾਂ ਕਲੀਨਿਕਾਂ ‘ਚ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕਰਵਾਈ ਜਾ ਰਹੀ ਹੈ। ਲੋਕ ਬਿਨਾਂ ਕਿਸੇ ਵੱਡੇ ਖਰਚੇ ਤੋਂ ਆਪਣਾ ਇਲਾਜ ਕਰਵਾ ਸਕਦੇ ਹਨ, ਜਿਸ ਨਾਲ ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਫਾਇਦਾ ਹੋ ਰਿਹਾ ਹੈ।
Aam Aadmi Clinic ਦੀ ਸ਼ੁਰੂਆਤ
2022 ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਤੇ ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ। ਇਨ੍ਹਾਂ 75 ਆਮ ਆਦਮੀ ਕਲੀਨਿਕ ਵਿੱਚੋਂ 13 ਮੋਹਾਲੀ ਜ਼ਿਲ੍ਹੇ ਦੇ ਵੱਖ ਵੱਖ ਸਾਹਿਰ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ ਸਨ। ਇਨ੍ਹਾਂ ਵਿੱਚੋਂ ਮੋਹਾਲੀ ਜ਼ਿਲ੍ਹੇ ਦੇ ਫੇਜ਼ 5 ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਹਿਮ ਸ਼ੰਕਰ ਜਿੰਪਾ ਵੱਲੋਂ ਕੀਤਾ ਗਿਆ, ਅਤੇ ਫਿਰ 14 ਅਗਸਤ 2023 ਨੂੰ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਤੋਂ ਕੀਤੇ। ਲੋਕਾਂ ਤੋਂ ਮਿਲ ਰਹੇ ਭਾਰੀ ਹੁੰਗਾਰੇ ਨੂੰ ਦੇਖਦੇ ਹੋਏ ਪੰਜਾਬ ਵਿਚ ਹੁਣ ਤੱਕ 872 ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋ ਚੁੱਕੀ ਹੈ।
1.15 ਕਰੋੜ ਤੋਂ ਵੱਧ ਲੋਕਾਂ ਦਾ ਹੋਇਆ ਮੁਫ਼ਤ ਇਲਾਜ
ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਇਨ੍ਹਾਂ ਆਮ ਆਦਮੀ ਕਲੀਨਿਕਾਂ ਦਾ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋਇਆ। ਜਾਣਕਾਰੀ ਮੁਤਾਬਿਕ ਪੰਜਾਬ ਭਰ ਵਿਚ 1.15 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਲੋਕਾਂ ਨੂੰ ਇਥੇ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਪੰਜਾਬ ਦੇ ਕੋਨੇ-ਕੋਨੇ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਪੰਜਾਬੀਆਂ ਨੂੰ ਬਿਹਤਰ ਸਿਹਤ ਸਹੂਲਤ ਦੇਣ ਦੀਆਂ ਕੋਸ਼ਿਸ਼ਾਂ ਵਿਚ ਜੁਟੀ ਹੋਈ ਹੈ।
381 ਤਰ੍ਹਾਂ ਦੇ ਟੈਸਟ ਕਰਵਾਉਣ ਦੀਆਂ ਸੁਵਿਧਾਵਾਂ
ਆਮ ਆਦਮੀ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮਿਲਦੀਆਂ ਹਨ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ 381 ਤਰ੍ਹਾਂ ਦੇ ਟੈਸਟ ਕਰਵਾਉਣ ਦੀਆਂ ਸੁਵਿਧਾਵਾਂ ਦਾ ਵੀ ਪ੍ਰਬੰਧ ਹੈ। ਜਿਸ ਲਈ ਬਕਾਇਦਾ ਇੱਕ ਲੈਬ ਬਣਾਈ ਗਈ ਹੈ। ਲੈਬ ਵਿਚ ਬਲੱਡ ਟੈਸਟ ਦੇ ਨਾਲ ਸ਼ੂਗਰ ਅਤੇ ਹੋਰ ਮੁੱਢਲੇ ਟੈਸਟ ਬਿਲਕੁਲ ਮੁਫ਼ਤ ਵਿਚ ਕੀਤੇ ਜਾਂਦੇ ਹਨ।