ਆਮ ਆਦਮੀ ਪਾਰਟੀ ਨੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਪ੍ਰਕਿਰਿਆ ‘ਤੇ ਚੁੱਕੇ ਸਵਾਲ

TeamGlobalPunjab
2 Min Read

ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਦੁਆਰਾ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਉੱਤੇ ਸਵਾਲੀਆ ਚਿੰਨ੍ਹ ਖੜੇ ਕੀਤੇ ਹਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਨੇ ਕੈਪਟਨ ਸਰਕਾਰ ਦੇ ਇਸ਼ਾਰਿਆਂ ਉੱਤੇ ਚੱਲਦੇ ਹੋਏ ਵੋਟਿੰਗ ਅਤੇ ਨਤੀਜਿਆਂ ਦੇ ਦਰਮਿਆਨ ਤਿੰਨ ਦਿਨ ਦਾ ਵਕਫਾ ਰੱਖਿਆ ਹੈ। ਜਿਸ ਨਾਲ ਕਿ ਇਨ੍ਹਾਂ ਚੋਣਾਂ ਵਿੱਚ ਸਰਕਾਰ ਦੁਆਰਾ ਧਾਂਦਲੀ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਵੋਟਿੰਗ ਤੋਂ ਬਾਅਦ ਨਤੀਜੇ ਐਲਾਨਣ ਵਿਚ ਇੰਨਾ ਲੰਬਾ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀਆਂ ਦੇ ਨਕਸ਼ੇ ਕਦਮ ਉੱਤੇ ਚੱਲਦੀ ਹੋਈ ਇਨ੍ਹਾਂ ਚੋਣਾਂ ਨੂੰ ਸੱਤਾ ਦੇ ਜ਼ੋਰ ਨਾਲ ਲੁੱਟਣਾ ਚਾਹੁੰਦੀ ਹੈ।

ਚੀਮਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਹਰ ਵਾਰਡ ਵਿੱਚ 3500 ਦੇ ਕਰੀਬ ਵੋਟਰ ਹੁੰਦੇ ਹਨ ਅਤੇ ਇੰਨੀਆਂ ਵੋਟਾਂ ਦੀ ਗਿਣਤੀ ਲਈ ਦੋ ਘੰਟੇ ਤੋਂ ਵੱਧ ਸਮਾਂ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਉਸ ਦਿਨ ਨਤੀਜੇ ਨਾ ਐਲਾਨ ਕੇ ਸਰਕਾਰ ਲੋਕਾਂ ਨਾਲ ਧੱਕਾ ਕਰਨ ਜਾ ਰਹੀ ਹੈ। ਅਸਲ ਵਿੱਚ ਕੈਪਟਨ ਸਰਕਾਰ ਇਸ ਗੱਲ ਤੋਂ ਜਾਣੂ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ। ਜਿਸ ਨਾਲ ਲੋਕਾਂ ਦਾ ਰੋਹ ਸਰਕਾਰ ਦੇ ਖ਼ਿਲਾਫ਼ ਹੈ। ਆਪਣੀ ਹਾਰ ਨੂੰ ਵੇਖਦੇ ਹੋਏ ਸਰਕਾਰ ਗਲਤ ਤਰੀਕੇ ਨਾਲ ਜਿੱਤ ਪ੍ਰਾਪਤ ਕਰਨਾ ਚਾਹੁੰਦੀ ਹੈ।

Share this Article
Leave a comment