ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਨਿਖੇਧੀ

TeamGlobalPunjab
4 Min Read

ਚੰਡੀਗੜ੍ਹ, 2 ਅਪ੍ਰੈਲ 2021: ਆਮ ਆਦਮੀ ਪਾਰਟੀ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਉਤੇ ਭਾਜਪਾ ਦੇ ਗੁੱਡਿਆਂ ਵੱਲੋਂ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੁਣ ਕਿਸਾਨਾਂ ਦੇ ਅੰਦੋਲਨ ਨੂੰ ਆਪਣੀ ਪਾਰਟੀ ਦੇ ਗੁੰਡਿਆਂ ਰਾਹੀਂ ਖਤਮ ਕਰਾਉਣ ਦੀਆਂ ਘਟੀਆ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਨੀਤੀ ਰਹੀ ਹੈ ਕਿ ਲੋਕਾਂ ਨੂੰ ਗੁੰਡਾਗਰਦੀ ਦੇ ਨਾਮ ਉਤੇ ਡਰਾਕੇ, ਅੱਤਿਆਚਾਰ ਕਰਕੇ ਲੋਕਾਂ ਨੂੰ ਚੁੱਪ ਕਰਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਕਿਸਾਨਾਂ ਨੂੰ ਖਤਮ ਕਰਨ ਵਾਲੇ ਕਾਲੇ ਕਾਨੂੰਨ ਲੈ ਕੇ ਆਈ ਤਾਂ ਦੇਸ਼ ਦੇ ਕਿਸਾਨ ਆਪਣੀ ਹੋਂਦ ਬਚਾਉਣ ਲਈ ਸੜਕਾਂ ਉਤੇ ਸੰਘਰਸ਼ ਕਰ ਰਹੇ ਹਨ। ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਵਰਤਿਆ ਗਿਆ ਹਰ ਘਟੀਆ ਨੀਤੀ ਸਫਲ ਨਾ ਹੋਈ ਤਾਂ ਹੁਣ ਕਿਸਾਨ ਆਗੂਆਂ ਨੂੰ ਨੁਕਸਾਨ ਪਹੁੰਚਾਣ ਲਈ ਅਜਿਹੇ ਹਮਲੇ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਭਾਜਪਾ ਦੀ ਮੋਦੀ ਸਰਕਾਰ ਉਸ ਸਮੇਂ ਹੋਰ ਅੱਖਾਂ ਵਿੱਚ ਰੜਕਨ ਲੱਗਿਆ ਹੈ ਜਦੋਂ ਉਨ੍ਹਾਂ ਨੇ ਆਪਣੇ ਜੋਸ ਨਾਲ ਕਿਸਾਨ ਅੰਦੋਲਨ ਨੂੰ ਮੁੜ ਤੋਂ ਮਜ਼ਬੂਤ ਕਰ ਦਿੱਤਾ ਸੀ, ਲੋਕ ਰਾਤੋ ਰਾਤ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਦੇ ਬਾਰਡਰਾਂ ਉਤੇ ਪਹੁੰਚ ਗਏ ਸਨ। ਉਸ ਸਮੇਂ ਵੀ ਮੋਦੀ ਸਰਕਾਰ ਦੀ ਨੀਤੀ ਸੀ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਉਤੇ ਗੁੰਡਿਆਂ ਵੱਲੋਂ ਹਮਲਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀਆਂ ਅਜਿਹੀਆਂ ਕੌਝੀਆਂ ਘਟੀਆਂ ਚਾਲਾਂ ਚੱਲਣ ਦੀ ਬਜਾਏ ਤੁਰੰਤ ਕਾਲੇ ਕਾਨੂੰਨ ਨੂੰ ਰੱਦ ਕਰੇ।

- Advertisement -

ਉਨ੍ਹਾਂ ਰਾਜਸਥਾਨ ਦੀ ਕਾਂਗਰਸ ਸਰਕਾਰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਕਾਂਗਰਸ ਦੀ ਮਿਲੀਭੁਗਤ ਹੈ ਕਿ ਕਿਸਾਨ ਅੰਦੋਲਨ ਨੂੰ ਬਿਨਾਂ ਕਿਸੇ ਸਿੱਟੇ ਪੁੱਜੇ ਖਤਮ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਨੂੰ ਇਹ ਪਤਾ ਹੈ ਕਿ ਭਾਜਪਾ ਦੇ ਗੁੰਡੇ ਇਸ ਤਰ੍ਹਾਂ ਦੇ ਹਮਲੇ ਕਰਵਾ ਸਕਦੇ ਹਨ ਤਾਂ ਉਨ੍ਹਾਂ ਇਸ ਨੂੰ ਲੈ ਕੇ ਚੌਕਸੀ ਰੱਖਦੇ ਹੋਏ ਕਿਸਾਨ ਆਗੂ ਨੂੰ ਸੁਰੱਖਿਆ ਨਹੀਂ ਦਿੱਤੀ।  ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਹਮਲਾ ਕਰਨ ਵਾਲੇ ਭਾਜਪਾ ਦੇ ਗੁੰਡਿਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦੇਵੇ।

ਉਨ੍ਹਾਂ ਕਿਹਾ ਕਿ ਲੋਕਤੰਤਰਿਕ ਢੰਗ ਨਾਲ ਚੁਣੇ ਗਈ ਸਰਕਾਰ ਅੱਜ ਸੰਵਿਧਾਨ ਰਾਹੀਂ ਮਿਲੇ ਗਏ ਅਧਿਕਾਰਾਂ ਨੂੰ ਖੋਹਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਭਰ ਦੇ ਕਿਸਾਨ ਸੰਵਿਧਾਨਕ ਦੁਆਰਾ ਮਿਲੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਮੋਦੀ ਸਰਕਾਰ ਵਿਰੁੱਧ ਅੰਦੋਲਨ ਕਰ ਰਹੇ ਹਨ ਤਾਂ ਭਾਜਪਾ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਚਾਲਾਂ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਭਾਜਪਾ ਨੇ ਕਿਸਾਨਾਂ ਨੂੰ ਅੱਤਵਾਦੀ, ਖਾਲਿਸਤਾਨੀ, ਨਕਸਲੀ ਹੋਰ ਤਰ੍ਹਾਂ ਤਰ੍ਹਾਂ ਦੋਸ਼ ਲਗਾਉਦੇ ਹੋਏ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਭਾਜਪਾ ਵੱਲੋਂ ਵਰਤੀ ਗਈ ਚਾਲ ਨੂੰ ਕਿਸਾਨਾਂ ਨੇ ਫੇਲ੍ਹ ਕਰ ਦਿੱਤਾ ਤਾਂ ਹੁਣ ਹਮਲੇ ਕਰਵਾਉਣ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ। ਕਿਸਾਨ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਖੜ੍ਹੀ ਰਹੇਗੀ।

Share this Article
Leave a comment