ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ‘ਆਪ’ਸਰਕਾਰ ਵੱਲੋਂ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਨ ਕਰਕੇ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੇਂਡੂ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਕਰਕੇ ਉਨ੍ਹਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ।
ਸ਼ੇਰਗਿੱਲ ਨੇ ਕਿਹਾ ਕਿ ਤਾਪਮਾਨ ਵਧ ਰਿਹਾ ਹੈ ਅਤੇ ਲੂ ਚਲਣ ਦੀ ਸੰਭਾਵਨਾ ਹੈ। ਜਿਸ ਕਾਰਨ ਪੇਂਡੂ ਡਿਸਪੈਂਸਰੀਆਂ ਨੂੰ ਮੁੜ ਖੋਲ੍ਹਣਾ ਸਮੇਂ ਦੀ ਮੁੱਖ ਲੋੜ ਹੈ, ਜਿਨ੍ਹਾਂ ਨੂੰ ‘ਆਪ’ ਸਰਕਾਰ ਬਿਜਲੀ ਦੀ ਰਫ਼ਤਾਰ ਵਾਂਗ ਬੰਦ ਕਰ ਰਹੀ ਹੈ। ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਸ਼ੇਰਗਿੱਲ ਨੇ ਕਿਹਾ ਕਿ ਸੱਤਾ ‘ਚ ਬੈਠੇ ਲੋਕਾਂ ਨੂੰ ਇਹ ਨਹੀਂ ਪਤਾ ਕਿ ਲੂ ਦੌਰਾਨ ਪੈਰਾਸੀਟਾਮੋਲ ਅਤੇ ਓਆਰਐਸ ਦੇ ਪਾਊਚ ਵਰਗੀਆਂ ਦਵਾਈਆਂ ਸਭ ਤੋਂ ਜ਼ਰੂਰੀ ਹੁੰਦੀਆਂ ਹਨ। ਇਨ੍ਹਾਂ ਹਾਲਾਤਾਂ ਵਿੱਚ ਇਸ ਮਾਮਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਅਤੇ ਪੇਂਡੂ ਡਿਸਪੈਂਸਰੀਆਂ ਨੂੰ ਮੁੜ ਖੋਲ੍ਹਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ।
ਸ਼ੇਰਗਿੱਲ, ਜੋ ਕਿ ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਵੀ ਹਨ, ਨੇ ਕਿਹਾ ਕਿ ਨਾ ਸਿਰਫ਼ ਪੇਂਡੂ ਡਿਸਪੈਂਸਰੀਆਂ ਨੂੰ ਚਾਲੂ ਕੀਤਾ ਜਾਣਾ ਚਾਹੀਦਾ ਹੈ, ਸਗੋਂ ‘ਆਪ’ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਰੂਰਲ ਮੈਡੀਕਲ ਅਫ਼ਸਰ (ਆਰ.ਐਮ.ਓ.), ਨਰਸਿੰਗ, ਫਾਰਮਾਸਿਸਟ ਅਤੇ ਚੌਥਾ ਦਰਜਾ ਸਟਾਫ਼ ਤੋਂ ਇਲਾਵਾ, ਇਨ੍ਹਾਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਸਾਮਾਨ ਅਤੇ ਸਾਰੀਆਂ ਲੋੜੀਂਦੀਆਂ ਦਵਾਈਆਂ ਦਾ ਸਟਾਕ ਉਪਲਬਧ ਕਰਵਾਇਆ ਜਾਵੇ।
‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਸ਼ੇਰਗਿੱਲ ਨੇ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਨਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪੰਜਾਬ ਦੀਆਂ ਪੇਂਡੂ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ।
ਇਸ ਦੌਰਾਨ ਸ਼ੇਰਗਿੱਲ ਨੇ ਪੰਜਾਬ ‘ਚ ‘ਆਪ’ ਸਰਕਾਰ ਵੱਲੋਂ ਹੁਣ ਤੱਕ ਖੋਲ੍ਹੇ ਗਏ 584 ਆਮ ਆਦਮੀ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਪਿੰਡਾਂ ‘ਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੇਵਾਵਾਂ ਦਿੰਦੀਆਂ ਸਨ, ਜਦਕਿ ਇਹ ਆਮ ਆਦਮੀ ਕਲੀਨਿਕ ਪਿੰਡਾਂ ਤੋਂ ਕਾਫੀ ਦੂਰ ਹਨ, ਜਿਸ ਲਈ ਬਜ਼ੁਰਗਾਂ ਨੂੰ ਮਾੜੇ ਮੌਸਮ ਵਿੱਚ ਕਈ ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਪਵੇਗਾ ਅਤੇ ਉਹ ਵੀ ਜਦੋਂ ਉਹ ਬਿਮਾਰ ਹੋਣ।