ਲੁਧਿਆਣਾ: ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਸਰਕਾਰ ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਅਤੇ ਤਿੰਨ ਜ਼ੋਨਾਂ ਵਿੱਚ ਪੈਂਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਕਾਸ਼ਤ 1 ਜੂਨ, 5 ਜੂਨ ਅਤੇ 9 ਜੂਨ ਨੂੰ ਸ਼ੁਰੂ ਹੋ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਕਿਉਂਕਿ ਇਹ ਕੌਮੀ ਅਨਾਜ ਭੰਡਾਰ ਵਿੱਚ 45 ਫੀਸਦੀ ਅਨਾਜ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਝੋਨੇ ਦੇ ਸੀਜ਼ਨ ਦੇ 70 ਦਿਨਾਂ ਵਿੱਚ ਪੰਜਾਬ ਨੌਂ ਗੋਬਿੰਦ ਸਾਗਰ ਝੀਲਾਂ ਦੇ ਬਰਾਬਰ ਪਾਣੀ ਬਾਹਰ ਕੱਢਦਾ ਹੈ, ਜੋ ਬਹੁਤ ਵੱਡੀ ਮਾਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੰਨਾ ਜ਼ਿਆਦਾ ਪਾਣੀ ਬਾਹਰ ਕੱਢ ਕੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਤੋਂ ਵਾਂਝਾ ਕਰ ਦੇਵਾਂਗੇ, ਜੋ ਸਾਡੀ ਹੋਂਦ ਦਾ ਮੂਲ ਸਰੋਤ ਹੈ।
ਇੱਕ ਉਦਾਹਰਣ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਕਿਲੋ ਝੋਨਾ ਪੈਦਾ ਕਰਨ ਲਈ 4000 ਲੀਟਰ ਪਾਣੀ ਦੀ ਲੋੜ ਹੁੰਦੀ ਹੈ, ਇਸ ਲਈ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਮੁੱਢਲੇ ਵਜੂਦ ਲਈ ਗੰਭੀਰ ਖ਼ਤਰਾ ਪੈਦਾ ਕਰ ਰਿਹਾ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ਦੇ ਹੱਲ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਕਾਸ਼ਤ 20 ਲੱਖ ਹੈਕਟੇਅਰ ਤੋਂ ਵਧ ਕੇ 32 ਲੱਖ ਹੈਕਟੇਅਰ ਰਕਬੇ ਵਿੱਚ ਹੋ ਗਈ ਹੈ, ਜਿਸ ਕਾਰਨ ਖੇਤਾਂ ਨੂੰ ਸਿੰਜਾਈ ਲਈ ਪਾਣੀ ਦੀ ਲੋੜ ਵੀ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣ ਲੱਗਾ ਹੈ ਅਤੇ ਕੇਂਦਰ ਸਰਕਾਰ ਦੀ ਇੱਕ ਰਿਪੋਰਟ ਅਨੁਸਾਰ ਇਸ ਵਿੱਚ ਇੱਕ ਮੀਟਰ ਦਾ ਵਾਧਾ ਹੋਇਆ ਹੈ।
ਇੱਕ ਮਿਸਾਲੀ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਲਈ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋਵੇਗੀ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਲੁਆਈ ਸ਼ੁਰੂ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਜਲੰਧਰ, ਮਾਨਸਾ, ਮਲੇਰਕੋਟਲਾ, ਸੰਗਰੂਰ, ਪਟਿਆਲਾ, ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਵਿੱਚ ਲੁਆਈ 9 ਜੂਨ ਤੋਂ ਸ਼ੁਰੂ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਿਜਲੀ ਸਪਲਾਈ ਲਈ ਬੋਝ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਹੋਣ ਵਾਲੀਆਂ ਦਿੱਕਤਾਂ ਤੋਂ ਬਚਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੋੜੀਂਦੀ ਯੋਜਨਾਬੰਦੀ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਣੀ ਦੀ ਵੱਧ ਖਪਤ ਕਰਨ ਵਾਲੀ ਝੋਨੇ ਦੀ ਪੂਸਾ 44 ਕਿਸਮ ਦੀ ਕਾਸ਼ਤ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਮ ਦੀ ਕਾਸ਼ਤ ਲਈ ਲਗਪਗ 152 ਦਿਨ ਲੱਗਦੇ ਹਨ ਅਤੇ ਇਸ ਲਈ ਪ੍ਰਤੀ ਏਕੜ 64 ਲੱਖ ਲੀਟਰ ਪਾਣੀ ਦੀ ਲੋੜ ਹੁੰਦੀ ਹੈ ਅਤੇ ਸਰਕਾਰ ਨੂੰ ਬਿਜਲੀ ਲਈ ਪ੍ਰਤੀ ਏਕੜ 7500 ਰੁਪਏ ਲਾਗਤ ਆਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਿਸਮ ਦੀ ਕਾਸ਼ਤ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਲਗਪਗ 19000 ਰੁਪਏ ਦਾ ਖਰਚਾ ਸਹਿਣ ਕਰਨਾ ਪੈਂਦਾ ਹੈ ਅਤੇ ਇਹ ਦੂਜੀਆਂ ਕਿਸਮਾਂ ਨਾਲੋਂ 10 ਫੀਸਦੀ ਵੱਧ ਪਰਾਲੀ ਪੈਦਾ ਕਰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਨਹਿਰੀ ਪਾਣੀ ਉਪਲਬਧ ਹੈ, ਉੱਥੇ ਰਾਤ ਦੇ ਸਮੇਂ ਅੱਠ ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੋਈ ਯਤਨ ਕਰਨ ਦੀ ਚਿੰਤਾ ਨਹੀਂ ਕੀਤੀ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਟੇਲਾਂ ਉੱਤੇ ਪੈਂਦੇ ਕਿਸਾਨਾਂ ਨੂੰ ਕਦੇ ਵੀ ਪਾਣੀ ਨਹੀਂ ਮਿਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ 75 ਫੀਸਦੀ ਨਹਿਰੀ ਪਾਣੀ ਸਿੰਜਾਈ ਦੇ ਉਦੇਸ਼ਾਂ ਲਈ ਵਰਤਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਸਿੰਜਾਈ ਲਈ ਵਰਦਾਨ ਹੈ ਕਿਉਂਕਿ ਇਹ ਖਣਿਜਾਂ ਨਾਲ ਭਰਪੂਰ ਪਾਣੀ ਇੱਕ ਪਾਸੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ਅਤੇ ਦੂਜੇ ਪਾਸੇ ਧਰਤੀ ਹੇਠਲੇ ਪਾਣੀ ‘ਤੇ ਦਬਾਅ ਘਟਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਜਲੀ ਖੇਤਰ ‘ਤੇ ਬੋਝ ਨੂੰ ਵੀ ਘਟਾਉਂਦਾ ਹੈ, ਜਿਸ ਨਾਲ ਸੂਬਾ ਸਰਕਾਰ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਮੱਕੀ ਵਰਗੀਆਂ ਬਦਲਵੀਆਂ ਫਸਲਾਂ ‘ਤੇ ਢੁਕਵੀਂ ਮਾਰਕੀਟਿੰਗ ਅਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣ ਲਈ ਸੀਜ਼ਨ ਦੌਰਾਨ ਡੀ.ਏ.ਪੀ. ਅਤੇ ਯੂਰੀਆ ਦੀ ਬਲੈਕ ਨਹੀਂ ਹੋਣ ਦਿੱਤੀ ਜਾਵੇਗੀ। ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਖੇਤੀਬਾੜੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵਧਦੀਆਂ ਲਾਗਤਾਂ ਅਤੇ ਘਟਦੀ ਆਮਦਨ ਕਾਰਨ ਖੇਤੀਬਾੜੀ ਹੁਣ ਲਾਭਦਾਇਕ ਨਹੀਂ ਰਹੀ।ਉਨ੍ਹਾਂ
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਸੂਬੇ ਦੇ ਕਿਸਾਨ ਦੁਰਾਹੇ ‘ਤੇ ਹਨ। ਉਨ੍ਹਾਂ ਕਿਹਾ ਕਿ ਇਸ ਸੰਵਾਦ ਦਾ ਇੱਕੋ ਇੱਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਸਬੰਧਤ ਧਿਰਾਂ ਵਿਚਕਾਰ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਜ਼ਰੂਰਤਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫੀਸਦੀ ਉਤਪਾਦਨ ਕਰਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਉਤਪਾਦਨ ਨੂੰ ਹੋਰ ਵਧਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਨਾਲ ਹੀ ਪਾਣੀ ਦੇ ਰੂਪ ਵਿੱਚ ਕੀਮਤੀ ਕੁਦਰਤੀ ਸਰੋਤ ਦੀ ਬੱਚਤ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸੂਬੇ ਭਰ ਵਿੱਚ ਬਾਸਮਤੀ ਦੀ ਉੱਚ ਕਾਸ਼ਤ ਕਰਨ ਦਾ ਸੱਦਾ ਦਿੱਤਾ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਉਨ੍ਹਾਂ ਨੂੰ ਬਾਸਮਤੀ ਦੀ ਕਾਸ਼ਤ ਵਿੱਚ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਬਾਸਮਤੀ ਦੀ ਕਾਸ਼ਤ ‘ਤੇ ਨਿਸ਼ਚਤ ਕੀਮਤ ਉਪਲਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।