ਕਿਸਾਨਾਂ ਦੇ ਸਮਰਥਨ ‘ਚ ‘ਆਪ’ ਦੀ ਮੋਟਰਸਾਈਕਲ ਰੈਲੀ

TeamGlobalPunjab
5 Min Read

ਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੇ ਜਾ ਰਹੇ ਕਿਸਾਨ ਟਰੈਕਟਰ ਪਰੇਡ ਦੇ ਸਮਰਥਨ ‘ਚ ਮੋਟਰਸਾਈਕਲ ਰੈਲੀ ਕੱਢਕੇ ਪੰਜਾਬ ਵਾਸੀਆਂ ਨੂੰ ‘ਕਿਸਾਨ ਟਰੈਕਟਰ ਪਰੇਡ’ ਵਿੱਚ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਅੱਜ ਕੱਢੀਆਂ ਗਈਆਂ ਮੋਟਰਸਾਈਕਲ ਰੈਲੀਆਂ ਵਿੱਚ ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਵੱਲੋਂ ਅੱਜ ਸੂਬੇ ਭਰ ਵਿੱਚ ਮੋਟਰਸਾਈਕਲ ਰੈਲੀਆਂ ਕੱਢੀਆਂ ਗਈਆਂ।

ਭਗਵੰਤ ਮਾਨ ਨੇ ਕਿਹਾ ਕਿ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੀ ਜਾ ਰਹੀ ‘ਕਿਸਾਨ ਟਰੈਕਟਰ ਪਰੇਡ’ ਦੇ ਸਮਰਥਨ ‘ਚ ਇਹ ਮੋਟਰਸਾਈਕਲ ਰੈਲੀ ਕੱਢੀ ਗਈ। ‘ਆਪ’ ਵਰਕਰਾਂ ਨੇ ਮੋਟਰਸਾਈਕਲ ਰੈਲੀ ਰਾਹੀਂ ਲੋਕਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਕੜਾਕੇ ਦੀ ਠੰਢ ਵਿੱਚ ਧਰਨੇ ਉੱਤੇ ਬੈਠੇ ਆਪਣੇ ਕਿਸਾਨ ਭੈਣ-ਭਰਾਵਾਂ ਦੇ ਸਮਰਥਨ ‘ਚ ਡਟਣ ਦਾ ਸੱਦਾ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਰੈਲੀਆਂ ਕੋਈ ਰਾਜਨੀਤਿਕ ਮਕਸਦ ਤੋਂ ਨਹੀਂ ਕੱਢੀਆਂ ਗਈਆਂ ਅਤੇ ਨਾ ਹੀ ਇਸ ਨੂੰ ਰਾਜਨੀਤਿਕ ਤੌਰ ‘ਤੇ ਦੇਖਿਆ ਜਾਣਾ ਚਾਹੀਦਾ ਹੈ। ਅਸੀਂ ਸਭ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਾਂ ਅਤੇ ਕਿਸਾਨੀ ਸਾਡੇ ਖ਼ੂਨ ਵਿੱਚ ਹੈ। ਪੰਜਾਬ ਦੇ 80 ਫ਼ੀਸਦੀ ਤੋਂ ਜ਼ਿਆਦਾ ਲੋਕ ਖੇਤੀ ਨਾਲ ਜੁੜੇ ਹੋਏ ਹਨ। ਇੱਕ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਅਸੀਂ 26 ਜਨਵਰੀ ਨੂੰ ਹੋਣ ਵਾਲੀ ਕਿਸਾਨ ਟਰੈਕਟਰ ਪਰੇਡ ਵਿੱਚ ਆਪਣਾ ਸਹਿਯੋਗ ਦੇਣ ਲਈ ਇਸ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਹੈ। ਇਸ ਰੈਲੀ ਦਾ ਮਕਸਦ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਗਣਤੰਤਰ ਦਿਵਸ ਮੌਕੇ ਦਿੱਲੀ ਦੀਆਂ ਸੜਕਾਂ ਉੱਤੇ ਕੀਤੇ ਜਾਣ ਵਾਲੇ ‘ਕਿਸਾਨ ਟਰੈਕਟਰ ਪਰੇਡ’ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਅਪੀਲ ਕਰਦੇ ਹਾਂ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਅਤੇ ਕਿਸਾਨਾਂ ਉੱਤੇ ਅੱਤਿਆਚਾਰ ਕਰਨ ਵਾਲੀ ਮੋਦੀ ਸਰਕਾਰ ਦਾ ਹੰਕਾਰ ਤੋੜਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਪਰੇਡ ਹੋਵੇਗੀ ਕਿ ਇੱਕ ਪਾਸੇ ਜਵਾਨ ਪਰੇਡ ਕਰਨਗੇ ਅਤੇ ਦੂਜੇ ਪਾਸੇ ਦੇਸ਼ ਦਾ ਕਿਸਾਨ ਆਪਣੀ ਹਾਲਤ ਪ੍ਰਗਟਾਉਂਦੀਆਂ ਹੋਈਆਂ ਝਾਕੀਆਂ ਨਾਲ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਪਰੇਡ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਮੂਹ ਅਹੁਦੇਦਾਰ ਕਿਸਾਨ ਟਰੈਕਟਰ ਪਰੇਡ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਪਰੇਡ ਵਿੱਚ ਕਿਸੇ ਰਾਜਨੀਤਿਕ ਪਾਰਟੀ ਦੇ ਤੌਰ ‘ਤੇ ਨਹੀਂ, ਇੱਕ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ‘ਅੰਨਦਾਤੇ’ ਵੱਲੋਂ ਕੀਤੀ ਜਾ ਰਹੀ ਪਰੇਡ ਵਿੱਚ ਸ਼ਾਮਲ ਹੋਵੇਗੀ।

- Advertisement -

ਉਨ੍ਹਾਂ ਕਿਹਾ ਕਿ ਅੱਜ ਸਾਡਾ ਦੇਸ਼ ਬਹੁਤ ਹੀ ਨਾਜ਼ੁਕ ਦੌਰ ‘ਚੋਂ ਗੁਜ਼ਰ ਰਿਹਾ ਹੈ, ਸੰਵਿਧਾਨ ਰਾਹੀਂ ਮਿਲੇ ਸਾਰੇ ਅਧਿਕਾਰਾਂ ਨੂੰ ਸੱਤਾਧਾਰੀ ਤਾਨਾਸ਼ਾਹ ਮੋਦੀ ਸਰਕਾਰ ਕੁਚਲ ਰਹੀ ਹੈ। ਸੰਵਿਧਾਨ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ, ਆਪਣੀ ਗੱਲ ਕਹਿਣ ਦਾ ਅਧਿਕਾਰ ਦਿੰਦਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਕਿਸੇ ਨਾ ਕਿਸੇ ਢੰਗ ਨਾਲ ਇਹ ਅਧਿਕਾਰ ਖੋਹਣ ਦੀ ਚਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਪਿਆਰ ਕਰਨ ਵਾਲੇ ਹਰੇਕ ਭਾਰਤ ਵਾਸੀ ਦੀ ਮੁੱਢਲੀ ਡਿਊਟੀ ਹੈ ਕਿ ਸੰਵਿਧਾਨ ਨੂੰ ਬਚਾਉਣ ਲਈ ਇਸ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਵੇ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਦੇਸ਼ ਦਾ ਕਿਸਾਨ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨ ਅੰਦੋਲਨ ਨੂੰ ਕੁਚਲਨ ਲਈ ਕਿਸਾਨਾਂ ਨੂੰ ਅੱਤਵਾਦੀ, ਦੇਸ਼ ਧ੍ਰੋਹੀ, ਪਾਕਿਸਤਾਨ, ਚੀਨ ਏਜੰਟ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਲੋਕਤੰਤਰਿਕ ਦੇਸ਼ ਲਈ ਇਸ ਤੋਂ ਵੱਡੀ ਮਾਣ ਵਾਲੀ ਹੋਰ ਕੀ ਗੱਲ ਹੋ ਸਕਦੀ ਹੈ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ, ਇਸ ਅੰਦੋਲਨ ਨੇ ਵਿਸ਼ਵ ਭਰ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਦੂਜੇ ਪਾਸੇ ਮੋਦੀ ਸਰਕਾਰ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਵਿਰੁੱਧ ਦੁਰ ਪ੍ਰਚਾਰ ਕਰਦੀ ਹੋਏ ਦੇਸ਼ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ, ਸਰਕਾਰ ਤੁਰੰਤ ਕਾਲੇ ਕਾਨੂੰਨਾਂ ਨੂੰ ਰੱਦ ਕਰੇ।

Share this Article
Leave a comment