ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਆਗੂਆਂ ਨੇ ਕੀਤੇ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

TeamGlobalPunjab
3 Min Read

ਡੇਰਾ ਬਾਬਾ ਨਾਨਕ: ਸ੍ਰੀ ਗੁਰੂ ਨਾਨਕ ਦੇਵ ਜੀ ਸੱਚ ਦਾ ਹੋਕਾ ਦੇਣ ਵਾਲੇ ਅਤੇ ਸ਼ਾਂਤੀ ਦੇ ਦੂਤ ਸਨ, ਜਿਨ੍ਹਾਂ ਸੰਸਾਰ ਨੂੰ ਇੱਕ ਅਕਾਲ ਪੁਰਖ ਦਾ ਸਾਂਝਾ ਸੰਦੇਸ਼ ਦਿੱਤਾ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿਖੇ ਕੀਤਾ। ਮਾਨ ਨਾਲ ਆਏ ‘ਆਪ’ ਦੇ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਨਾਲ ਲਗਦੀ ਭਾਰਤ- ਪਾਕਿਸਤਾਨ ਸਰਹੱਦ ਤੋਂ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ, ਮੱਥਾ ਟੇਕਿਆ ਅਤੇ ਪੰਜਾਬ ਦੀ ਸੁੱਖ- ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ, ਵਿਧਾਇਕਾਂ ਅਤੇ ਹੋਰ ਆਗੂਆਂ ਨੇ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣਾ ਸੀ ਅਤੇ ਪਾਰਟੀ ਦੇ ਕਰੀਬ 19 ਆਗੂਆਂ ਨੇ ਪਾਕਿਸਤਾਨ ਜਾਣ ਲਈ ਅਪਲਾਈ ਵੀ ਕੀਤਾ ਸੀ, ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ‘ਆਪ’ ਆਗੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਨਹੀਂ ਦਿੱਤੀ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਦਰਸ਼ਨਾਂ ਦੀ ਗੱਲ ਕੀਤੀ ਜਾਂਦੀ ਹੈ, ਪਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਦਰਸ਼ਨ ਦੀਦਾਰ ਨਹੀਂ ਕਰਨ ਦਿੱਤੇ ਗਏ। ਕਰਤਾਰਪੁਰ ਸਾਹਿਬ ਜਾਣ ਦੇ ਮਾਮਲੇ ’ਤੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਨੂੰ ਮਨਜ਼ੂਰੀ ਨਾ ਮਿਲਣ ਦੇ ਕਾਰਨਾਂ ਬਾਰੇ ਨਰਿੰਦਰ ਮੋਦੀ ਸਰਕਾਰ ਹੀ ਜਾਣਦੀ ਹੈ, ਉਨ੍ਹਾਂ ਨੂੰ ਕੁੱਝ ਨਹੀਂ ਪਤਾ। ਜਦੋਂ ਵੀ ਮੋਦੀ ਸਰਕਾਰ ‘ਆਪ’ ਆਗੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਦੇਵੇਗੀ, ਉਦੋਂ ਹੀ ਪਾਰਟੀ ਆਗੂ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਜ਼ਰੂਰ ਜਾਣਗੇ।

- Advertisement -

ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਲੈਣ ਦੀ ਪ੍ਰੀਕਿਰਿਆ ਨੂੰ ਸੌਖਾ ਬਣਾਇਆ ਜਾਵੇ ਅਤੇ ਇੱਕ ਸ਼ਰਧਾਲੂ ਤੋਂ ਵਸੂਲੀ ਜਾਂਦੀ 20 ਅਮਰੀਕੀ ਡਾਲਰਾਂ ਦੀ ਫ਼ੀਸ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ 20 ਡਾਲਰਾਂ ਦੀ ਫੀਸ ਇੱਕ ਪਰਿਵਾਰ ’ਤੇ ਬਹੁਤ ਜ਼ਿਆਦਾ ਭਾਰ ਬਣਦੀ ਹੈ, ਕਿਉਂਕਿ ਜੇ ਇੱਕ ਪਰਿਵਾਰ ਪੰਜ ਮੈਂਬਰਾਂ ਨੇ ਕਰਤਾਰਪੁਰ ਸਾਹਿਬ ਜਾਣਾ ਤਾਂ ਕਰੀਬ 100 ਡਾਲਰ ਫੀਸ ਵਜੋਂ ਲੱਗਦੇ ਹਨ, ਜੋ ਭਾਰਤੀ ਕਰੰਸੀ ਵਿੱਚ ਕਰੀਬ 8 ਹਜ਼ਾਰ ਰੁਪਏ ਬਣਦੇ ਹਨ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਸਮੇਤ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਕੁਲਵੰਤ ਸਿੰਘ ਪੰਡੋਰੀ, ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਸਿੰਘ ਰੋੜੀ (ਸਾਰੇ ਵਿਧਾਇਕ) ਸਮੇਤ ਹੋਰ ਆਗੂਆਂ ਵੀ ਮੌਜ਼ੂਦ ਸਨ।

Share this Article
Leave a comment