ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ‘ਆਪ’ ਦੇ ਇਸ ਵਫ਼ਦ ਨੇ ਮੁੱਖ ਮੰਤਰੀ ਚੰਨੀ ਤੋਂ ਮੰਗ ਕੀਤੀ ਕਿ ਸੂਬੇ ਦੇ ਹਰੇਕ ਵਿਧਾਇਕ ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ‘ਲੋਕਲ ਏਰੀਆ ਵਿਕਾਸ ਫੰਡ’ ਤਹਿਤ ਫੰਡ ਜਾਰੀ ਕੀਤੇ ਜਾਣ ਤਾਂ ਜੋ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਹਲਕਾ ਵਿਧਾਇਕਾਂ ਰਾਂਹੀ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ।
‘ਆਪ’ ਦੇ ਵਫ਼ਦ ਨੇ ਗੁਆਂਢੀ ਸੂਬਿਆਂ ਦਿੱਲੀ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਦੇ ਵਿਧਾਇਕਾਂ ਨੂੰ ਮਿਲਦੇ ਲੋਕਲ ਏਰੀਆ ਡਿਵੈਲਪਮੈਂਟ ਫੰਡ ਦਾ ਹਵਾਲਾ ਦੇ ਕੇ ਪੰਜਾਬ ਦੇ ਵਿਧਾਇਕਾਂ ਨੂੰ ਵੀ ਇਸੇ ਤਰਾਂ ਦਾ ਫੰਡ ਜਾਰੀ ਕਰਨ ਦੀ ਅਪੀਲ ਕੀਤੀ।

ਇਸ ਵਫ਼ਦ ਵਿੱਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ ਰੋਪੜ ਅਤੇ ਵਿਧਾਇਕ ਮਹਿਲਕਲਾਂ, ਕੁਲਵੰਤ ਸਿੰਘ ਪੰਡੋਰੀ ਸ਼ਾਮਲ ਸਨ, ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੈਮੋਰੈਂਡਮ ਵੀ ਸੌਂਪਿਆ।
ਮੁੱਖ ਮੰਤਰੀ ਚੰਨੀ ਵਲੋਂ ਇਨ੍ਹਾਂ ਵਿਧਾਇਕਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਵਾਇਆ ਗਿਆ ਹੈ।