ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਅੱਜ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਵਿਧਾਇਕ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਲਈ ਜਾ ਰਹੇ ਸਨ , ਤਾਂ ਉਨ੍ਹਾਂ ਨੂੰ ਕੁੱਝ ਦੂਰੀ ‘ਤੇ ਚੰਡੀਗੜ੍ਹ ਪੁਲਿਸ ਵਲੋਂ ਬੈਰਿਕੇਡ ਲਗਾ ਕੇ ਰੋਕ ਲਿਆ ਗਿਆ।
ਹਰਪਾਲ ਸਿੰਘ ਚੀਮਾ ਸਣੇ ਹੋਰਨਾਂ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਲੋਕਾਂ ਨੂੰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਸੀ ਜੋ ਹੁਣ ਦੋਸ਼ੀਆਂ ਨੂੰ ਬਚਾਉਣ ਲੱਗੀ ਹੈ।
ਚੀਮਾ ਨੇ ਕਿਹਾ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਾਜਿਸ਼ ਦੇ ਤਹਿਤ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਪੰਜਾਬ ਦੇ ਆਈਜੀ ਰੈਂਕ ਦੇ ਅਫਸਰ ਤੱਕ ਨੂੰ ਪੰਜਾਬ ਦੀ ਇੱਕ ਸਿਆਸੀ ਪਾਰਟੀ ਦੇ ਲੋਕਾਂ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।