‘ਆਪ’ ਵਿਧਾਇਕ ਨੇ ਬੇਅਦਬੀ ਮਾਮਲਿਆਂ ‘ਚ ‘ਢਿੱਲੀ ਪੈਰਵੀ’ ਦੇ ਲਾਏ ਦੋਸ਼, ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ:  ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਅਦਾਲਤੀ ਕਾਰਵਾਈ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਸਾਬਕਾ ਆਈਜੀਪੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਸਰਕਾਰ ਵੱਲੋਂ ਬਣਾਈਆਂ ਗਈਆਂ SITs ਇਨ੍ਹਾਂ ਕੇਸਾਂ ਨੂੰ ਉਨ੍ਹਾਂ ਦੇ ਤਰਕਪੂਰਨ ਸਿੱਟੇ ਤੱਕ ਪਹੁੰਚਾਉਣ ਲਈ ਕੁਝ ਨਹੀਂ ਕਰ ਰਹੀਆਂ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬੇਅਦਬੀ ਮਾਮਲਿਆਂ ਵਿੱਚ ਲੰਬਿਤ ਪਈਆਂ ਪਟੀਸ਼ਨਾਂ ਦਾ ਬਚਾਅ ਕਰਨ ਅਤੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੇ ਮੁਕੱਦਮੇ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਸਾਂ ਦੀ ਪੈਰਵੀ ਸਹੀ ਢੰਗ ਨਾਲ ਨਹੀਂ ਹੋ ਰਹੀ।  ਹਾਈਕੋਰਟ ਅਤੇ SC ਵਿੱਚ ਗੋਲੀਬਾਰੀ ਦੇ ਮਾਮਲਿਆਂ ਸਬੰਧੀ ਵੱਖ-ਵੱਖ ਰਿੱਟ ਪਟੀਸ਼ਨਾਂ ਪੈਂਡਿੰਗ ਹਨ।

ਉਨ੍ਹਾਂ ਕਿਹਾ ਕਿ 9 ਅਪਰੈਲ, 2021 ਨੂੰ ਕਾਂਗਰਸ ਸਰਕਾਰ ਵੇਲੇ ਆਈਜੀ ਦਾ ਅਹੁਦਾ ਅਤੇ ਨੌਕਰੀ ਇਸੇ ਲਈ ਛੱਡੀ ਸੀ ਕਿਉਂਕਿ ਉਸ ਵੇਲੇ ਦੀ ਹੁਕਮਰਾਨ ਸਰਕਾਰ ਅਤੇ ਕੁਝ ਪ੍ਰਭਾਵਸ਼ਾਲੀ ਲੋਕਾਂ ਵਿਚਾਲੇ ਇਸ ਮਾਮਲੇ ਨੂੰ ਲੈ ਕੇ ਮਿਲੀਭੁਗਤ ਹੋ ਚੁੱਕੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਥਿਤ ਦੋੋਸ਼ੀ ਫਰੀਦਕੋਟ ਸੈਸ਼ਨ ਕੋਰਟ ਵਿਚ ਚੱਲ ਰਹੀ ਕਾਰਵਾਈ ਨੂੰ ਰੱਦ ਕਰਵਾ ਕੇ ਬਹਿਬਲ ਕਲਾਂ ਕੇਸ ਵਿਚੋਂ ਬਰੀ ਹੋਣਾ ਚਾਹੁੰਦੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਇਕ ਨਵੀਂ ਜਾਂਚ ਕਮੇਟੀ ਬਣਾਈ ਗਈ ਸੀ ਪਰ ਉਸ ਨੇ ਹੁਣ ਤਕ ਕੁਝ ਵੀ ਠੋਸ ਕੰਮ ਨਹੀਂ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹਾਈ ਕੋਰਟ ਅਤੇ ਫਰੀਦਕੋਟ ਦੀ ਸੈਸ਼ਨ ਅਦਾਲਤ ਵਿਚ ਚੱਲ ਰਹੇ ਇਸ ਸਬੰਧੀ ਕੇਸਾਂ ਦੀ ਠੀਕ ਢੰਗ ਨਾਲ ਪੈਰਵੀ ਕਰਾਉਣ ਦਾ ਪ੍ਰਬੰਧ ਕਰਨ।

ਜ਼ਿਕਰਯੋਗ ਹੈ ਕਿ 2015 ਵਿਚ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਪੰਥ ਵਲੋਂ ਨਿਰੰਤਰ ਮੰਗ ਕੀਤੀ ਜਾ ਰਹੀ ਹੈ। ਇਸੇ ਮੰਗ ਦੇ ਆਧਾਰ ’ਤੇ ਹੀ ਪਿਛਲੀ ਕਾਂਗਰਸ ਸਰਕਾਰ ਸੱਤਾ ਵਿਚ ਆਈ ਸੀ ਅਤੇ ਹੁਣ ‘ਆਪ’ ਸਰਕਾਰ ਵੀ ਇਸ ਮਾਮਲੇ ਵਿਚ ਲੋਕਾਂ ਨੂੰ ਨਿਆਂ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਹੈ। ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ, ਜਿਨ੍ਹਾਂ ਇਸ ਮਾਮਲੇ ਦੀ ਜਾਂਚ ਕੀਤੀ ਸੀ, ਉਹ ਪਿਛਲੇ ਵਰ੍ਹੇ ਤੋਂ ਹੀ ਦੁਹਾਈ ਦੇ ਰਹੇ ਹਨ ਕਿ ਕੁਝ ਪ੍ਰਭਾਵਸ਼ਾਲੀ ਲੋਕ ਸੱਤਾਧਾਰੀਆਂ ਦੀ ਮਦਦ ਨਾਲ ਇਸ ਕੇਸ ਨੂੰ ਦਬਾਉਣ ਦਾ ਯਤਨ ਕਰ ਰਹੇ ਹਨ। ਇਸੇ ਕਰਕੇ ਹੀ ਉਨ੍ਹਾਂ ਵਲੋਂ ਕੀਤੀ ਗਈ ਜਾਂਚ ਨੂੰ ਕਿਸੇ ਤਨ-ਪੱਤਣ ਨਹੀਂ ਲੱਗਣ ਦਿੱਤਾ ਗਿਆ ਸੀ। ਉਨ੍ਹਾਂ ਰੋਸ ਵਜੋਂ ਪੰਜਾਬ ਪੁਲੀਸ ਦੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਸੀ ਪਰ ਹੁਣ ਆਪਣੀ ਸਰਕਾਰ ਬਣਨ ਤੋਂ ਬਾਅਦ ਇਸ ਮਾਮਲੇ ਦੀ ਚੱਲ ਰਹੀ ਜਾਂਚ ਤੋਂ ਉਹ ਸੰਤੁਸ਼ਟ ਨਹੀਂ ਹਨ।

ਕਾਂਗਰਸ ਪਾਰਟੀ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਲਿਖੇ ਇਸ ਪੱਤਰ ‘ਤੇ ‘ਆਪ’ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਕਾਂਗਰਸ ਦੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਗੱਲ ‘ਤੇ ਪ੍ਰਤੀਕਿਰਿਆ ਦੇਣ ‘ਚ ਕਾਹਲੀ ਹੁੰਦੀ ਹੈ ਪਰ ਇਸ ਨੇ ਆਪਣੇ ਹੀ ਵਿਧਾਇਕ ਵੱਲੋਂ ਕੀਤੇ ਖੁਲਾਸੇ ‘ਤੇ ਚੁੱਪ ਕਿਉਂ ਧਾਰ ਰੱਖੀ ਹੈ?

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.