ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ ਹੈ ਕਿ ਉਹ ਸੰਸਦ ਦੇ ਮਾਨਸੂਨ ਇਜਲਾਸ ‘ਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਪੰਜਾਬ ਦੀ ਜਨਤਾ ਅਤੇ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ਨੂੰ ਸਪਸ਼ਟ ਕਰਨ ਕਿ ਕੇਂਦਰੀ ਖੇਤੀ ਆਰਡੀਨੈਂਸਾਂ, ਕੇਂਦਰੀ ਬਿਜਲੀ ਸੁਧਾਰ ਸੋਧ ਬਿਲ-2020 ਅਤੇ ਕੇਂਦਰ ਸਰਕਾਰ ਵੱਲੋਂ ਜੰਮੂ ਅਤੇ ਕਸ਼ਮੀਰ ‘ਚ ਪੰਜਾਬੀ ਭਾਸ਼ਾ ਨਾਲ ਕੀਤੇ ਗਏ ਮਤਰੇਏ ਸਲੂਕ ਬਾਰੇ ਉਨ੍ਹਾਂ (ਬਾਦਲ ਜੋੜੀ) ਦਾ ਕੀ ਸਟੈਂਡ ਹੋਵੇਗਾ?
ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿਲ-2020 ਅਤੇ ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰੇਬਾਜ਼ੀ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਵਿਰੁੱਧ ਭੁਗਤ ਦੇ ਫ਼ੈਸਲੇ ਹਨ। ਜਿੰਨਾ ਦਾ ਸੰਸਦ ‘ਚ ਵਿਰੋਧ ਕਰਨਾ ਲੋਕ ਸਭਾ ਅਤੇ ਰਾਜ ਸਭਾ ‘ਚ ਸਾਰੇ ਪੰਜਾਬੀ ਸੰਸਦ ਮੈਂਬਰਾਂ ਦਾ ਫ਼ਰਜ਼ ਹੈ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੇ ਭਵਿੱਖ ਅਤੇ ਮਾਨ-ਸਨਮਾਨ ਨਾਲ ਜੁੜੇ ਇਨ੍ਹਾਂ ਭਖਵੇਂ ਮੁੱਦਿਆਂ ‘ਤੇ ਹਰੇਕ ਪੰਜਾਬੀ ਸੰਸਦ ਮੈਂਬਰ ਦੀ ਪਰਖ ਦੀ ਘੜੀ ਹੋਵੇਗੀ ਕਿ ਉਹ ਪੰਜਾਬ ਅਤੇ ਪੰਜਾਬੀਅਤ ਦੇ ਹੱਕ ‘ਚ ਭੁਗਤਦਾ ਹੈ ਜਾਂ ਫਿਰ ਕੇਂਦਰ ਸਰਕਾਰ ਦੇ ਇਨ੍ਹਾਂ ਮਾਰੂ ਅਤੇ ਤਾਨਾਸ਼ਾਹੀ ਫ਼ੈਸਲਿਆਂ ਦੇ ਹੱਕ ‘ਚ ਵੋਟ ਪਾਉਂਦਾ ਹੈ।
‘ਆਪ’ ਵਿਧਾਇਕਾਂ ਨੇ ਸਾਰੇ ਪੰਜਾਬੀ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜਮਹੂਰੀਅਤ ਅਤੇ ਸੰਘੀ ਢਾਂਚੇ ਦੀ ਮਜ਼ਬੂਤੀ ਅਤੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਲਈ ਪਾਰਟੀ ਪੱਧਰਾਂ ਤੋਂ ਉੱਤੇ ਉੱਠ ਕੇ ਜਿੱਥੇ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਬਿਲ ਦਾ ਸਦਨ ਦੇ ਅੰਦਰ ਅਤੇ ਬਾਹਰ ਤਿੱਖਾ ਵਿਰੋਧ ਕਰਨ ਉੱਥੇ ਜੰਮੂ-ਕਸ਼ਮੀਰ ‘ਚ ਪੰਜਾਬੀ ਦਾ ਸਰਕਾਰੀ ਭਾਸ਼ਾ ਵਜੋਂ ਰੁਤਬਾ ਬਹਾਲ ਕਰਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ।