ਚੰਡੀਗੜ੍ਹ: ਚੰਡੀਗੜ੍ਹ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਇੱਕ ਖੇਡ ਸਮਾਗਮ ਦੌਰਾਨ ਪੰਜਾਬੀ ਭਾਈਚਾਰੇ ਬਾਰੇ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕੀਤਾ ਗਿਆ।
ਚੰਡੀਗੜ੍ਹ ‘ਆਪ’ ਦੇ ਪ੍ਰਧਾਨ ਵਿਜੇ ਪਾਲ ਸਿੰਘ ਅਤੇ ਪਾਰਟੀ ਕੌਂਸਲਰਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਵਰਕਰ ਸੈਕਟਰ-34 ਵਿੱਚ ਇਕੱਠੇ ਹੋਏ ਅਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਭਾਜਪਾ ਦਫ਼ਤਰ ਵੱਲ ਵਧਣਾ ਚਾਹੁੰਦੇ ਸਨ ਪਰ ਮੌਕੇ ‘ਤੇ ਤਾਇਨਾਤ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵਿਜੇ ਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਬਾਰੇ ਵਰਤੀ ਗਈ ਕਥਿਤ ਭਾਸ਼ਾ ਦੀ ਸਖ਼ਤ ਨਿੰਦਾ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜਤਿੰਦਰ ਪਾਲ ਮਲਹੋਤਰਾ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬ ਦੇ ਲੋਕ ਅਜਿਹੇ ਬਿਆਨਾਂ ਨੂੰ ਸਵੀਕਾਰ ਨਹੀਂ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਸੁਰੱਖਿਆ, ਖੇਤੀਬਾੜੀ, ਉਦਯੋਗ ਅਤੇ ਦੇਸ਼ ਦੇ ਵਿਕਾਸ ਵਿੱਚ ਪੰਜਾਬੀਆਂ ਦਾ ਯੋਗਦਾਨ ਅਹਿਮ ਰਿਹਾ ਹੈ ਅਤੇ ਇਸ ਭਾਈਚਾਰੇ ਦੇ ਸਨਮਾਨ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਪ੍ਰਦਰਸ਼ਨ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਕਈ ਪਾਰਟੀ ਆਗੂ ਅਤੇ ਕੌਂਸਲਰ ਵੀ ਮੌਜੂਦ ਰਹੇ।
ਦੂਜੇ ਪਾਸੇ, ਜਤਿੰਦਰ ਪਾਲ ਮਲਹੋਤਰਾ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖ਼ੁਦ ਪੰਜਾਬੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਪੰਜਾਬ ਅਤੇ ਪੰਜਾਬੀਆਂ ਲਈ ਉਨ੍ਹਾਂ ਦੇ ਮਨ ਵਿੱਚ ਪੂਰਾ ਸਤਿਕਾਰ ਹੈ। ਮਲਹੋਤਰਾ ਮੁਤਾਬਕ ਸੋਸ਼ਲ ਮੀਡੀਆ ‘ਤੇ ਚੱਲ ਰਹੀ ਵੀਡੀਓ ਅਧੂਰੀ ਹੈ ਅਤੇ ਉਸ ਵਿੱਚ ਉਨ੍ਹਾਂ ਦੀ ਗੱਲ ਦਾ ਪੂਰਾ ਸੰਦਰਭ ਨਹੀਂ ਦਿਖਾਇਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

