ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਰੋਸ ਮਾਰਚ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਐਮਐਲਏ ਹੋਸਟਲ ਤੋਂ ਲੈ ਕੇ ਵਿਧਾਨ ਸਭਾ ਵੱਲ ਮਾਰਚ ਕੀਤਾ। ਉਹ ਮੰਗ ਕਰ ਰਹੇ ਸਨ ਕਿ SC/BC ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਜਾਰੀ ਕੀਤੀ ਜਾਵੇ ਅਤੇ ਇਸ ਸਬੰਧੀ ਹੋਏ ਸਕੈਂਡਲ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ਦਾ ਮਾਮਲਾ ਵੀ ਉਠਾਇਆ ।
ਦੂਜੇ ਪਾਸੇ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਘਟਾਈਆਂ ਜਾਣ ਅਤੇ ਡੀਜ਼ਲ ਤੇ ਪੈਟਰੋਲ ਉੱਤੇ ਵੀ ਟੈਕਸ ਘਟਾਇਆ ਜਾਵੇ। ਇਸ ਦੌਰਾਨ ਵਿਰੋਧੀ ਧਿਰ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਲੱਖਾਂ ਵਿਦਿਆਰਥੀ ਡਿਗਰੀਆਂ ਤੋਂ ਵਾਂਝੇ ਰਹਿ ਗਏ ਹਨ। ਕਿਉਂਕਿ ਸਰਕਾਰ ਨੇ ਕਾਲਜਾਂ ਨੂੰ ਸ਼ਕਾਲਰਸ਼ਿਪ ਦਾ ਪੈਸਾ ਨਹੀਂ ਦਿੱਤਾ।’ਪੰਜਾਬ ਸਰਕਾਰ ਵਜੀਫ਼ਾ ਸਰਟੀਫਿਕੇਟ ਨਹੀਂ ਭੇਜ ਰਹੀ।