ਭਗਵੰਤ ਮਾਨ ਨੇ ਕੈਪਟਨ ਨੂੰ ਯਾਦ ਕਰਵਾਏ ਚੋਣਾਂ ਤੋਂ ਪਹਿਲਾਂ ਦੇ ਵਾਅਦੇ
ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਸੰਕਟ ਦੇ ਚਲਦਿਆਂ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਖਿਲਾਫ ‘ਹੱਲਾ ਬੋਲ’ ਤੇਜ਼ ਕਰ ਦਿੱਤਾ ਹੈ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਕੈਪਟਨ ਨੂੰ ਚੋਣਾਂ ਤੋਂ ਪਹਿਲਾਂ ਦੇ ਵਾਅਦੇ ਯਾਦ ਕਰਵਾਏ।
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੇ ਕਿਹਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਪਹਿਲਾ ਕੰਮ ਉਹ ਨਿੱਜੀ ਬਿਜਲੀ ਕੰਪਨੀਆਂ ਨਾਲ ਅਕਾਲੀ-ਭਾਜਪਾ ਸਰਕਾਰ ਦੇ ਕੀਤੇ ਗਏ ਸਮਝੌਤੇ ਰੱਦ ਕਰਨਗੇ, ਪਰ ਕਰੀਬ ਸਾਢੇ ਚਾਰ ਸਾਲ ਬਾਅਦ ਵੀ ਇਸ ਬਾਰੇ ਕੁੱਝ ਨਹੀਂ ਕੀਤਾ ਗਿਆ, ਸਗੋਂ ਨਿੱਜੀ ਬਿਜਲੀ ਕੰਪਨੀਆਂ ਨੂੰ ਹੋਰ ਵੀ ਜ਼ਿਆਦਾ ਉਤਸ਼ਾਹਿਤ ਕੀਤਾ ਗਿਆ। ਮਾਨ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਦੀ ਤਰ੍ਹਾਂ ਹੀ ਲੋਕਮਾਰੂ ਨੀਤੀਆਂ ਤੇ ਚੱਲ ਰਹੀ ਹੈ।
ਭਗਵੰਤ ਮਾਨ ਨੇ ਅਕਾਲੀ ਦਲ ਨੂੰ ਕਾਂਗਰਸ ਦੀ ਭਾਈਵਾਲ ਪਾਰਟੀ ਕਰਾਰ ਦਿੱਤਾ। ਅਕਾਲੀ ਦਲ ਅਤੇ ਕੈਪਟਨ ਨੂੰ ਘੇਰਦੇ ਹੋਏ ਉਨ੍ਹਾਂ ਕਿਹਾ ਕਿ ਕੈਪਟਨ ਨੇ ਪੰਜਾਬ ਨੂੰ ਗਹਿਣੇ ਰੱਖਿਆ ਅਤੇ ਪਿਛਲੀ ਸਰਕਾਰ ਦੀਆਂ ਨੀਤੀਆਂ ਜਾਰੀ ਰੱਖੀਆਂ ਹਨ ਜਿਸ ਕਰ ਕੇ ਹੀ ਸੂਬੇ ਵਿੱਚ ਹੁਣ ਬਿਜਲੀ ਦੀ ਦਿੱਕਤ ਆ ਰਹੀ ਹੈ । ਉਨ੍ਹਾਂ ਕੈਪਟਨ ਨੂੰ ਇਕ ਫ਼ੇਲ੍ਹ ਸ਼ਾਸਕ ਦੱਸਿਆ ।
ਇਸ ਵਿਚਾਲੇ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੀ ਅਗਵਾਈ ਵਿੱਚ ‘ਆਪ’ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ਅਤੇ ਕੈਪਟਨ ਨੂੰ ਆਪਣੇ ਫਾਰਮ ਹਾਊਸ ਤੋਂ ਬਾਹਰ ਨਿਕਲਕੇ ਲੋਕਾਂ ਦਾ ਹਾਲ ਪੁੱਛਣ ਲਈ ਮਜਬੂਰ ਕਰੇਗੀ।