ਲੁਧਿਆਣਾ: ਆਮ ਆਦਮੀ ਪਾਰਟੀ ਦੇ ਜ਼ਿਲਾ ਯੂਥ ਪ੍ਰਧਾਨ ਸੋਨੂੰ ਕਲਿਆਣ ਨੂੰ ਪਿਸਤੌਲ ਦੀ ਨੋਕ ‘ਤੇ ਢਾਈ ਘੰਟੇ ਤੱਕ ਬੰਧਕ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਹੈਬੋਵਾਲ ਦੇ ਗੋਪਾਲ ਨਗਰ ਦੀ ਦੱਸੀ ਜਾ ਰਹੀ ਹੈ। ਸੋਨੂੰ ਕਲਿਆਣ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਸੋਨੂੰ ਕਲਿਆਣ ਨੇ ਦੱਸਿਆ ਕਿ 10 ਅਕਤੂਬਰ ਦੀ ਰਾਤ ਵੇਲੇ ਉਹ ਕਿਸੇ ਨਿੱਜੀ ਕੰਮ ਲਈ ਆਪਣੇ ਪਾਰਟੀ ਦਫ਼ਤਰ ਦੇ ਬਾਹਰ ਕਿਸੇ ਦੋਸਤ ਦੀ ਉਡੀਕ ਕਰ ਰਿਹਾ ਸੀ। ਇਸੇ ਦੌਰਾਨ 25 ਤੋਂ 30 ਨੌਜਵਾਨ ਉਥੇ ਆ ਗਏ। ਉਹਨਾਂ ਨੇ ਆਉਂਦਿਆਂ ਹੀ ਸੋਨੂੰ ‘ਤੇ ਪਿਸਤੌਲ ਤਾਣ ਲਈ ਅਤੇ ਉਸਨੂੰ ਜ਼ਬਰਦਸਤੀ ਕਾਰ ਵਿੱਚ ਬਿਠਾਇਆ। ਉਹ ਉਸਨੂੰ ਜ਼ਬਰਦਸਤੀ ਕਿਸੇ ਸਮਾਗਮ ਵਿੱਚ ਲੈ ਗਏ। ਉਨ੍ਹਾਂ ਨੇ ਉਸ ਦੇ ਪੱਟ ‘ਤੇ ਪਿਸਤੌਲ ਰੱਖ ਕੇ ਕਿਹਾ ਕਿ ਉਹ ਜੋ ਵੀ ਕਹਿਣਗੇ ਉਹੀ ਬੋਲਣਾ ਤੇ ਕਰਨਾ ਪਵੇਗਾ।
ਇਸ ਤੋਂ ਬਾਅਦ ਉਸ ਨੂੰ ਧੱਕੇ ਨਾਲ ਉਨ੍ਹਾਂ ਨੇ ਜੂਠੇ ਗਲਾਸ ਵਿੱਚ ਸ਼ਰਾਬ ਪਿਲਾਈ ਤੇ ਪਿਸਤੌਲ ਦੇ ਬੱਟ ਨਾਲ ਉਸ ਦੇ ਸਿਰ ‘ਤੇ ਵੀ ਵਾਰ ਕੀਤਾ। ਸੋਨੂੰ ਕਲਿਆਣ ਨੇ ਕਿਹਾ ਕਿ ਨੌਜਵਾਨਾਂ ਨੇ ਉਸ ਨੂੰ ਰਾਜਨੀਤੀ ਤੋਂ ਦੂਰ ਰਹਿਣ ਦੀ ਧਮਕੀ ਦਿੱਤੀ ਤੇ ਸੁੰਨਸਾਨ ਥਾਂ ‘ਤੇ ਛੱਡ ਕੇ ਚਲੇ ਗਏ।
ਇਸ ਸਬੰਧੀ ਥਾਣਾ ਹੈਬੋਵਾਲ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੋਨੂੰ ਕਲਿਆਣ ਨੇ ਸ਼ਿਕਾਇਤ ਦਰਜ ਕਰਵਾਈ ਹੈ ਪਰ ਅਜੇ ਤੱਕ ਆਪਣਾ ਬਿਆਨ ਦਰਜ ਕਰਵਾਉਣ ਨਹੀਂ ਆਇਆ। ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।