‘ਆਪ’ ਦੀ ਪਹਿਲ : ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 72 ਘੰਟਿਆਂ ‘ਚ ਇਕੱਠੇ ਕੀਤੇ 10 ਲੱਖ

TeamGlobalPunjab
3 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪਹਿਲ ਕਦਮੀ ਕਰਦੇ ਹੋਏ ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਟਰੈਕਟਰ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ ਕਦਮ ਚੁੱਕਿਆ ਹੈ। ਟਿਕਰੀ ਵਿਖੇ ਬੀਤੇ ਦਿਨੀਂ ਕਾਰ ਨੂੰ ਅੱਗ ਲੱਗਣ ਜਾਨ ਗਵਾਉਣ ਵਾਲੇ ਮਕੈਨਿਕ ਜਨਕ ਰਾਜ ਵਾਸੀ ਧਨੌਲਾ ਦੇ ਪਰਿਵਾਰ ਨਾਲ ਮੁਸੀਬਤ ਸਮੇਂ ਖੜਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਸੋਸ਼ਲ ਮੀਡੀਆ ਉੱਤੇ ਫ਼ੰਡ ਇਕੱਠਾ ਕਰਨ ਲਈ ਇੱਕ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਦੇ ਸ਼ੁਰੂ ਹੋਣ ਤੋਂ 72 ਘੰਟਿਆਂ ਅੰਦਰ ਦੁਪਹਿਰ ਬੁੱਧਵਾਰ ਤੱਕ 9 ਲੱਖ ਰੁਪਏ ਇਕੱਠੇ ਹੋਏ।

ਇਸ ਦਰਦਨਾਕ ਹਾਦਸੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੇ ਪੀੜਿਤ ਪਰਿਵਾਰ ਦੇ ਨਾਲ ਘਰ ਪਹੁੰਚ ਕੇ ਹਮਦਰਦੀ ਪ੍ਰਗਟਾਈ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਦਫ਼ਤਰ ਤੋਂ ਬੁੱਧਵਾਰ ਨੂੰ ਜਾਰੀ ਇੱਕ ਬਿਆਨ ਰਾਹੀਂ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਵਿਚ ਦਿੱਲੀ-ਪੰਜਾਬ ਤੋਂ ਲੈ ਕੇ ‘ਆਪ’ ਨਾਲ ਜੁੜੇ ਹੋਏ ਐਨਆਰਆਈਜ਼ ਨੇ ਦਿਲ ਖੋਲ੍ਹ ਕੇ ਮਦਦ ਕੀਤੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਤਨ, ਮਨ ਅਤੇ ਧਨ ਨਾਲ ਮਦਦ ਕਰ ਰਹੀ ਹੈ।

ਅਨਮੋਲ ਗਗਨ ਮਾਨ ਨੇ ਦੱਸਿਆ ਕਿ ਕੇਂਦਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਨੀਵਾਰ ਦੀ ਰਾਤ ਨੂੰ ਬਹਾਦਰਗੜ੍ਹ-ਦਿੱਲੀ ਹੱਦ ਦੇ ਨੇੜੇ ਟਿਕਰੀ ਵਿਖੇ ਕਾਰ ਨੂੰ ਅੱਗ ਲੱਗਣ ਕਾਰਨ ਮਕੈਨਿਕ ਜਨਕ ਰਾਜ ਵਾਸੀ ਧਨੌਲਾ ਦੀ ਮੌਤ ਹੋ ਗਈ ਸੀ। ਜਨਕ ਰਾਜ ਸੰਘਰਸ਼ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਅਤੇ ਹੋਰ ਵਾਹਨਾਂ ਦੀ ਮੁਫ਼ਤ ਮੁਰੰਮਤ ਕਰਨ ਲਈ ਗਿਆ ਹੋਇਆ ਸੀ।

- Advertisement -

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਰੱਬ ਅੱਗੇ ਇਹ ਅਰਦਾਸ ਕਰਦੀ ਹੈ ਕਿ ਬਿਨਾਂ ਕਿਸੇ ਜਾਨੀ-ਮਾਲੀ ਨੁਕਸਾਨ ਦੇ ਕਿਸਾਨ ਸੰਘਰਸ਼ ਦੀ ਜਿੱਤ ਹੋਵੇ, ਪ੍ਰੰਤੂ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਰਕੇ ਕੋਈ ਅਣਹੋਣੀ ਵਾਪਰਦੀ ਹੈ ਤਾਂ ‘ਆਪ’ ਅੰਦੋਲਨਕਾਰੀ ਕਿਸਾਨਾਂ ਦੇ ਹਰ ਦੁੱਖ ਵਿਚ ਨਾਲ ਖੜ੍ਹੇਗੀ।

ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇਸ਼ ਦੇ ਅੰਨਦਾਤਾ ਦੀ ਦਿਨ-ਰਾਤ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ-ਹਰਿਆਣਾ ਸਰਹੱਦ ਉੱਤੇ ਕੀਤੇ ਜਾ ਰਹੇ ਅੰਦੋਲਨ ਵਿਚ ਪਾਰਟੀ ਦੇ ਕੌਮੀ ਕਨਵੀਨਰ ਦੇ ਆਦੇਸ਼ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ, ਵਿਧਾਇਕ ਅਤੇ ਵਰਕਰ ਬਿਨਾਂ ਕਿਸੇ ਪਾਰਟੀ ਦੇ ਝੰਡੇ-ਬੈਨਰ ਤੋਂ ਪਾਰਟੀ ਦੇ ਸੇਵਾਦਾਰ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅਰਵਿੰਦ ਕੇਜਰੀਵਾਲ ਕਿਸਾਨਾਂ ਦੀਆਂ ਹਰ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੇਵਾ ਭਾਵਨਾ ਨਾਲ ਲੱਗੀ ਹੋਈ ਹੈ।

‘ਆਪ’ ਆਗੂਆਂ ਨੇ ਇਹ ਵੀ ਦੱਸਿਆ ਕਿ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ।

Share this Article
Leave a comment