ਪਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ: ਕੁਲਦੀਪ ਧਾਲੀਵਾਲ

Global Team
5 Min Read

ਚੰਡੀਗੜ੍ਹ / ਮੋਗਾ: ਪਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ਵਿੱਚ ਕਲਪਨਾ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਮੋਗਾ ਸਥਿਤ ਆਈ ਐੱਸ ਐੱਫ ਕਾਲਜ ਵਿਖੇ ਕਰਵਾਏ ਗਏ “ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ” ਪ੍ਰੋਗਰਾਮ ਦੌਰਾਨ ਐਨ.ਆਰ.ਆਈ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼਼ ਪਾਲਿਸੀ ਤਿਆਰ ਕਰ ਰਹੀ ਹੈ।

ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਤੇ ਉਸ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀਆਂ ਆਯੋਜਿਤ ਕਰੇਗੀ। ਪੰਜਾਬ ਸਰਕਾਰ ਦੁਨੀਆ ਭਰ ਦੇ ਦੇਸ਼ਾਂ ਵਿੱਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੰਦੀ ਹੈ ਕਿ ਪੰਜਾਬ ਤੁਹਾਡਾ ਹੈ, ਤੁਸੀਂ ਪੰਜਾਬ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਵੱਧ ਹੈ।

ਅੱਜ ਦੇ ਸਮਾਗਮ ਵਿੱਚ ਜ਼ਿਲ੍ਹਾ ਮੋਗਾ, ਜ਼ਿਲ੍ਹਾ ਫਾਜ਼ਿਲਕਾ, ਜ਼ਿਲ੍ਹਾ ਫਿਰੋਜ਼ਪੁਰ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਮਾਨਸਾ, ਜ਼ਿਲ੍ਹਾ ਫ਼ਰੀਦਕੋਟ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪਰਵਾਸੀਆਂ ਪੰਜਾਬੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਲਿਆ ਕਿ ਪਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਜ਼ਿਲ੍ਹਾ ਲੁਧਿਆਣਾ ਵਿਖੇ ਕੀਤੇ ਗਏ ਪ੍ਰੋਗਰਾਮ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਖੇ ਪਰਵਾਸੀ ਪੰਜਾਬੀਆਂ ਨਾਲ ਮਿਲਣੀ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਪਰਵਾਸੀਆਂ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ।
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਕੰਟਰੈਕਟ ਵਿਆਹ ਦਾ ਟਰੈਂਡ ਸਾਹਮਣੇ ਆਇਆ ਹੈ ਅਜਿਹੇ ਕੇਸਾਂ ਵਿੱਚ ਆਈਲੈਂਟਸ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰਕੇ ਮੁੰਡੇ ਵਾਲੇ ਉਸ ਨੂੰ ਬਾਹਰ ਭੇਜਦੇ ਹਨ ਪਰ ਮਗਰੋਂ ਕੁੜੀ ਦੇ ਬਾਹਰ ਜਾਣ ਤੇ ਉਨ੍ਹਾਂ ਦਾ ਆਪਸੀ ਝਗੜਾ ਹੋ ਜਾਂਦਾ ਹੈ ਅਤੇ ਕੁੜੀ ਮੁੰਡੇ ਨੂੰ ਬਾਹਰ ਲਿਜਾਉਣ ਤੋਂ ਮੁਨਕਰ ਹੋ ਜਾਂਦੀ ਹੈ।

ਧਾਲੀਵਾਲ ਨੇ ਸਮੂਹ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ ਉਹ ਨਿੱਜੀ ਤੌਰ ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਪਿੰਡਾਂ ਵਿੱਚ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।

ਪਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਸਥਾਪਨਾ ਛੇਤੀ ਤੋਂ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ਵਿੱਚ ਨਿਪਟਾਏ ਜਾ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬੱਚ ਸਕੇ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ ’ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ ਜਿਹੜੇ ਸਿਰਫ਼ ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁਕਵੇਂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਗੇ।

ਐਨ.ਆਰ.ਆਈ.ਪੰਜਾਬੀਆਂ ਨਾਲ ਮਿਲਣੀ ਦੌਰਾਨ ਵੱਖ-ਵੱਖ ਜਿਲਿਆਂ ਤੋਂ ਆਏ ਪਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ ਸਨ ਜਿਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੇ ਮਸਲੇ ਸੁਣਕੇ ਹੱਲ ਦੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆ ਰਹੇ ਸਨ। ਇਸ ਦੌਰਾਨ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

ਕੈਬਨਿਟ ਮੰਤਰੀ ਨੇ ਐਨ.ਆਰ.ਆਈਜ਼ ਨੂੰ ਤਾਕੀਦ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਲਣੀ ਪ੍ਰੋਗਰਾਮ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਿਲਣੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਐਨ.ਆਰ.ਆਈਜ਼ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।

Share This Article
Leave a Comment