ਕਪੂਰਥਲਾ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸੰਵਿਧਾਨ ਵਲੋਂ ਉਨ੍ਹਾਂ ਨੂੰ ਦਿੱਤੀ ਸ਼ਕਤੀ ਦੀ ਵਰਤੋਂ ਨੈਤਿਕ ਕਦਰਾਂ ਕੀਮਤਾਂ ’ਤੇ ਪਹਿਰਾ ਦਿੰਦੇ ਹੋਏ ਕਰਨ ਅਤੇ ਸਮਾਜ ਭਲਾਈ ਹਿੱਤ ਪੂਰਨ ਤੌਰ ’ਤੇ ਸੰਵਿਧਾਨਕ ਸ਼ਕਤੀਆਂ ਦੀ ਸੁਚੱਜੀ ਵਰਤੋਂ ਕਰਨ।
ਉਹ ਅੱਜ ਇੱਥੇ ਕਪੂਰਥਲਾ ਜਿਲ੍ਹੇ ਦੇ ਆਪਣੇ ਪਹਿਲੇ ਦੌਰੇ ’ਤੇ ਆਏ ਸਨ, ਜਿਸ ਦੌਰਾਨ ਉਨ੍ਹਾਂ ਆਈ.ਕੇ. ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹੇ ਅੰਦਰ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ‘ਉਹ ਕੇਂਦਰੀ ਤੇ ਸੂਬਾਈ ਸਰਕਾਰਾਂ ਦੇ ਮੌਜੂਦਾ ਸ੍ਰੋਤਾਂ ਦੀ ਬਿਹਤਰੀਨ ਵਰਤੋਂ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਜਿਕ ਜਿੰਮੇਵਾਰੀ ਨੂੰ ਵਿਸ਼ੇਸ਼ ਮਹੱਤਤਾ ਦੇਣ।
ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨਿਕ ਅਧਿਕਾਰੀ ਬਿਨ੍ਹਾਂ ਕਿਸੇ ਦਬਾਅ ਦੇ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਜਿਸ ਤਹਿਤ ਉਹ ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਆਮ ਲੋਕਾਂ ਪ੍ਰਤੀ ਦਇਆ ਭਾਵ ਵਾਲਾ ਰਵੱਈਆ ਅਪਣਾਉਣ।
ਰਾਜਪਾਲ ਵਲੋਂ ਡਿਪਟੀ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨਾਲ ਜਿਲ੍ਹੇ ਦੇ ਆਰਥਿਕ, ਭੂਗੋਲਿਕ ਤੇ ਸਮਾਜਿਕ ਪੱਖਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਕੇਂਦਰੀ ਯੋਜਨਾਵਾਂ ‘ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਆਂਗਣਵਾੜੀ, ਪੋਸ਼ਣ ਅਭਿਆਨ ਬਾਰੇ ਜਾਣਕਾਰੀ ਲਈ ਗਈ।
ਇਸ ਤੋਂ ਇਲਾਵਾ ਉਨ੍ਹਾਂ ਆਈ.ਕੇ. ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋੋਂ ਤਕਨੀਕੀ ਸਿੱਖਿਆ ਦੇ ਪਸਾਰ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
ਵਿਸ਼ੇਸ਼ ਤੌਰ ’ਤੇ ਉਨ੍ਹਾਂ ਯੂਨੀਵਰਸਿਟੀ ਦੀ ਨੈਕ ਐਕਰੀਡੇਸ਼ਨ ਬਾਰੇ ਜਾਣਕਾਰੀ ਹਾਸਿਲ ਕਰਨ ਵਿਚ ਦਿਲਚਸਪੀ ਦਿਖਾਈ।