ਸਿੱਖਿਆ ਮੰਤਰੀ ਦਾ ਦਾਅਵਾ, ਸਰਕਾਰੀ ਸਕੂਲਾਂ ‘ਚ ਦਰਜ ਕੀਤਾ ਗਿਆ ਵੱਡਾ ਵਾਧਾ

Prabhjot Kaur
2 Min Read

ਜਲੰਧਰ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੀ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਸਿੱਖਿਆ ਖੇਤਰ ਵਿੱਚ ਕੀਤੀਆਂ ਵੱਡੀਆਂ ਤਬਦੀਲੀਆਂ ਅਤੇ ਸੁਧਾਰਾਂ ਨੂੰ ਗਿਣਾਇਆ ਅਤੇ ਇਸ ਬਹਾਨੇ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨਾ ਬਣਾਇਆ।

ਬੈਂਸ ਨੇ ਕਿਹਾ ਕਿ ਪਹਿਲਾਂ ਕਾਂਗਰਸ-ਅਕਾਲੀ ਨੇਤਾ ਸਿੱਖਿਆ ਅਤੇ ਸਿਹਤ ‘ਤੇ ਕੋਈ ਟਵੀਟ ਵੀ ਨਹੀਂ ਕਰਦੇ ਸਨ ਪਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਅਤੇ ਸਿਹਤ ਨੂੰ ਸਿਆਸਤ ਦਾ ਕੇਂਦਰ ਬਣਾ ਦਿੱਤਾ ਹੈ। ਹੁਣ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਦੀ ਗੱਲ ਵੀ ਹੋਣ ਲੱਗ ਪਈ ਹੈ।

ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਅਕਤੂਬਰ-ਨਵੰਬਰ ਵਿੱਚ ਵੀ ਪ੍ਰਾਇਮਰੀ ਸਕੂਲਾਂ ਵਿੱਚ ਕਿਤਾਬਾਂ ਨਹੀਂ ਪਹੁੰਚਦੀਆਂ ਸਨ, ਜਿਸ ਕਾਰਨ ਬੱਚੇ ਸਹੀ ਢੰਗ ਨਾਲ ਪੜ੍ਹ ਨਹੀਂ ਸਕਦੇ ਸਨ ਅਤੇ ਅਧਿਆਪਕਾਂ ਨੂੰ ਵੀ ਫੋਟੋ ਸਟੇਟ ਵਾਲੀਆਂ ਕਿਤਾਬਾਂ ਨਾਲ ਪੜ੍ਹਾਉਣਾ ਪੈਂਦਾ ਸੀ। ਇਸ ਸਾਲ ਅਸੀਂ 31 ਮਾਰਚ ਤੋਂ ਪਹਿਲਾਂ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾ ਦਿੱਤੀਆਂ ਹਨ। ਇਸ ਗੱਲ ਦਾ ਵੀ ਧਿਆਨ ਰੱਖਿਆ ਗਿਆ ਹੈ ਕਿ ਕਿਤਾਬਾਂ ਵਿੱਚ ਛਪਾਈ ਦੀ ਕੋਈ ਗਲਤੀ ਨਾ ਹੋਵੇ।

ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਵਿੱਚ ਵਾਧੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਿੱਖਿਆ ਵਿੱਚ ਸੁਧਾਰ ਲਈ ਕੀਤੇ ਸੁਹਿਰਦ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ 75000 ਦਾ ਵਾਧਾ ਹੋਇਆ ਹੈ। ਸਿਰਫ਼ ਨਰਸਰੀ ਵਿੱਚ ਹੀ 13% ਦਾਖ਼ਲਾ ਵਧਿਆ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਜਿੱਥੇ ਪਹਿਲਾਂ ਸਕੂਲਾਂ ਦੀ ਹਾਲਤ ਬਹੁਤ ਮਾੜੀ ਸੀ, ਉੱਥੇ ਹੀ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਸਕੂਲ ਦੀ ਮੁਰੰਮਤ ਦੇ ਕੰਮ ਲਈ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਰੱਖ-ਰਖਾਅ ਦਾ ਬਹੁਤਾ ਕੰਮ ਜੂਨ ਅਤੇ ਜੁਲਾਈ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾਂ ਆਵੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment