ਰਾਜਸਥਾਨ ਪੁਲਿਸ ਦੀ ਕਾਰਵਾਈ ‘ਤੇ ਭੜਕੇ ਐਡਵੋਕੇਟ ਧਾਮੀ, ਭਾਈ ਟਿੰਮਾ ਦੀ ਗ੍ਰਿਫ਼ਤਾਰੀ ਦਾ ਵਿਰੋਧ

Global Team
3 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਰਾਜਸਥਾਨ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋ ਕੇ ਗੁਰੂ ਕੇ ਲੰਗਰ ਦੀ ਬੇਅਦਬੀ ਕੀਤੀ ਅਤੇ ਸਿੱਖ ਸ਼ਹੀਦਾਂ ਦੇ ਪੋਸਟਰ ਪਾੜ ਕੇ ਬੇਹੱਦ ਸ਼ਰਮਨਾਕ ਰਵੱਈਆ ਅਪਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਮੁੱਖ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦਾ ਵੀ ਤਿੱਖਾ ਵਿਰੋਧ ਕਰਦਿਆਂ ਇਸ ਨੂੰ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਕਾਨੂੰਨੀ ਅਤੇ ਸੰਵਿਧਾਨਕ ਤਰੀਕੇ ਮੌਜੂਦ ਹਨ, ਪਰ ਧਾਰਮਿਕ ਸਥਾਨ ’ਤੇ ਪੁਲਿਸ ਦੀ ਅਜਿਹੀ ਕਾਰਵਾਈ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਠਹਿਰਾਈ ਜਾ ਸਕਦੀ।

ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਸਬੰਧੀ ਆਵਾਜ਼ ਉਠਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਪੁਲਿਸ ਦੀ ਇਹ ਕਾਰਵਾਈ ਸਿੱਖਾਂ ਪ੍ਰਤੀ ਧੱਕੇਸ਼ਾਹੀ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਹੈ।
ਐਡਵੋਕੇਟ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਗੁਰਦੁਆਰਾ ਸਾਹਿਬ ਦੀ ਮਰਯਾਦਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਅਕੀਦਿਆਂ, ਪ੍ਰੰਪਰਾਵਾਂ ਅਤੇ ਸੰਸਥਾਵਾਂ ਦੀ ਮਰਯਾਦਾ ਅਨੁਸਾਰ ਜੀਵਨ ਜਿਊਣ ਦਾ ਸੰਵਿਧਾਨਕ ਹੱਕ ਹੈ। ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰੀ ਮੁੱਲਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵਾਪਰੀ ਇਸ ਘਟਨਾ ਪ੍ਰਤੀ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ ਅਤੇ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਰਿਹਾਅ ਕਰੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment