ਐਡਵੋਕੇਟ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

Global Team
3 Min Read

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਵਿਚ ਬਣੀ ਸਿੱਟ ਵਲੋਂ ਸ਼੍ਰੋਮਣੀ ਕਮੇਟੀ ਤੋਂ ਗੈਰ ਜ਼ਰੂਰੀ ਜਾਣਕਾਰੀਆਂ ਮੰਗਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇਕ ਪੱਤਰ ਲਿਖਿਆ ਹੈ।

ਇਸ ਪੱਤਰ ਵਿੱਚ ਉਹਨਾਂ ਆਖਿਆ ਕਿ ਪਹਿਲਾਂ ਵੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਸੀ ਜਿਸ ਵਲੋ ਹੁਣ ਬੇਲੋੜੀ ਜਾਣਕਾਰੀ ਮੰਗੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਕਮੇਟੀ ਕੀ ਕਰੇ, ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਜਾਵੇ।

ਇਸ ਤਹਿਤ ਜਦੋਂ ਵੀ ਸਿੱਟ ਵੱਲੋਂ ਕੋਈ ਰਿਕਾਰਡ ਅਤੇ ਜਾਣਕਾਰੀ ਮੰਗੀ ਤਾਂ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉੱਪ ਦਫ਼ਤਰ ਵਿਖੇ ਜਾ ਕੇ ਪੂਰਾ ਸਹਿਯੋਗ ਦਿੱਤਾ ਗਿਆ ਹੈ। ਪਰ ਹੁਣ ਸਿੱਟ ਵੱਲੋਂ ਪੁੱਜੀਆਂ ਦੋ ਵੱਖ-ਵੱਖ ਪੱਤ੍ਰਿਕਾਵਾਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਨਾਲ ਸਬੰਧਿਤ  ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਮੰਗੀ ਜਾ ਰਹੀ ਹੈ, ਜਿਵੇਂ ਕਿ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਬੈਂਕ ਖਾਤਿਆਂ, ਲੈਣ-ਦੇਣ, ਬੈਲੇਂਸ ਸ਼ੀਟਾਂ, ਅਕਾਊਂਟਸ ਅਤੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਨਿੱਜੀ ਚੈਨਲਾਂ ਨਾਲ ਹੋਏ ਸਮਝੌਤਿਆਂ ਆਦਿ ਨਾਲ ਸਬੰਧਿਤ ਜਾਣਕਾਰੀ ਮੰਗੀ ਜਾ ਰਹੀ ਹੈ।

ਉਹਨਾਂ ਆਖਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਵੀ ਅਕਾਲ ਤਖਤ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਗਿਆ ਸੀ ਅਤੇ ਉਹਨਾਂ ਵੱਲੋਂ ਮੰਗੀ ਗਈ ਜਾਣਕਾਰੀ ਮੁਹੱਈਆ ਕੀਤੀ ਗਈ ਸੀ। ਉਹਨਾਂ ਆਖਿਆ ਕਿ ਵਿਸ਼ੇਸ਼ ਜਾਂਚ ਟੀਮ ਦੀ ਅਜਿਹੀ ਕਾਰਵਾਈ ਸਿੱਖ ਸੰਸਥਾ ਦੇ ਮਾਮਲਿਆਂ ਵਿੱਚ ਸਿੱਧੀ ਦਖਲ ਅੰਦਾਜ਼ੀ ਹੈ। ਪੱਤਰ ਦੀ ਭਾਵਨਾ ਇਹ ਹੈ ਕਿ ਕੀ ਸ਼੍ਰੋਮਣੀ ਕਮੇਟੀ ਭਵਿੱਖ ਵਿੱਚ ਇਸ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਜਾਰੀ ਰੱਖੇ ਜਾਂ ਨਹੀਂ, ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਜਾਵੇ।

Share This Article
Leave a Comment