ਪੰਜਾਬ ‘ਚ ਭਗਵੰਤ ਮਾਨ ਸਰਕਾਰ ਦੇ 6 ਮਹੀਨੇ ਪੂਰੇ, ‘ਆਪ’ ਨੇ ਜਾਰੀ ਕੀਤਾ ਰਿਪੋਰਟ ਕਾਰਡ

Rajneet Kaur
4 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਸਾਹਮਣੇ ਆਪਣੀ ਸਰਕਾਰ ਦੇ 6 ਮਹੀਨਿਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ।‘ਆਪ’ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਅਤੇ ਗੋਵਿੰਦਰ ਮਿੱਤਲ ਦੇ ਨਾਲ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਮੂਰਖ ਬਣਾਇਆ ਅਤੇ ਟੈਕਸ ਦੇ ਪੈਸੇ ਨਾਲ ਆਪਣਾ ਖਜ਼ਾਨਾ ਭਰਿਆ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ। ਸਰਕਾਰ ਬਣਨ ਦੇ ਮਹਿਜ਼ 6 ਮਹੀਨਿਆਂ ਵਿੱਚ ਹੀ ਸਰਕਾਰ ਨੇ ਜਨਤਾ ਦੇ ਹਿੱਤ ਵਿੱਚ ਕਈ ਇਤਿਹਾਸਕ ਫੈਸਲੇ ਲਏ ਹਨ।

ਕੰਗ ਨੇ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀਆਂ ਸਰਕਾਰਾਂ ਬਣਾਉਣ ਤੋਂ ਛੇ ਮਹੀਨਿਆਂ ਅੰਦਰ ਕੀਤੇ ਗਏ ਕਿਸੇ ਵੀ ਵੱਡੇ ਕੰਮ ਦਾ ਵੇਰਵਾ ਦੇਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ 20,000 ਨੌਕਰੀਆਂ ਦਿੱਤੀਆਂ ਹਨ ਤੇ 9000 ਠੇਕਾ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ। ਸਰਕਾਰ ਨੇ ਪਹਿਲੀ ਵਾਰ ਮੂੰਗੀ ਦੀ ਫ਼ਸਲ ’ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਹੈ। ਗੰਨਾ ਕਾਸ਼ਤਕਾਰਾਂ ਦੇ ਲੰਮੇ ਸਮੇਂ ਤੋਂ ਬਕਾਇਆ ਪਏ ਬਕਾਏ ਵੀ ਭੁਗਤਾਅ ਦਿੱਤੇ ਗਏ ਹਨ ਤੇ ਡਿਫਾਲਟਰ ਖੰਡ ਮਿੱਲਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ।

ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਦੇ ਕੇ ਉਤਸ਼ਾਹਤ ਕੀਤਾ ਹੈ। ਮਾਲਵਾ ਖਿੱਤੇ ਦੇ ਕਪਾਹ ਦੇ ਕਿਸਾਨਾਂ ਨੂੰ 2020 ਤੋਂ ਬਕਾਇਆ ਪਏ ਮੁਆਵਜ਼ੇ ਨੂੰ ਮਾਨ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਪਹਿਲਾਂ ਕਿਸਾਨਾਂ ਤੋਂ ਲੋਡ ਵਧਾਉਣ ਲਈ 5000 ਰੁਪਏ ਵਸੂਲੇ ਜਾਂਦੇ ਸਨ ਪਰ ਮਾਨ ਸਰਕਾਰ ਨੇ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਲਈ ਇਹ ਰਕਮ ਘਟਾ ਕੇ 2500 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ। ਸਰਕਾਰ ਪੰਜਾਬੀਆਂ ਨੂੰ 600 ਮੁਫਤ ਬਿਜਲੀ ਯੂਨਿਟ ਦੇ ਰਹੀ ਹੈ ਤੇ ਲਗਭਗ 80 ਫ਼ੀਸਦ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ।

ਇਸੇ ਤਰ੍ਹਾਂ ਪੰਜਾਬ ਰੋਡਵੇਜ਼ ਹਮੇਸ਼ਾ ਘਾਟੇ ਵਿਚ ਰਹੀ ਹੈ ਕਿਉਂਕਿ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ‘ਅਹਿਮੀਅਤ’ ਦਿੱਤੀ ਜਾਂਦੀ ਸੀ ਤੇ ਪੰਜਾਬ ਰੋਡਵੇਜ਼ ਨੂੰ ਅਣਦੇਖਿਆ ਕੀਤਾ ਜਾਂਦਾ ਰਿਹਾ ਹੈ। ਸੂਬੇ ਅੰਦਰ ਖੇਡਾਂ ਦਾ ਮਾਹੌਲ ਸਿਰਜਣ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤਕ ਮੁਕਾਬਲੇ ਚਲ ਰਹੇ ਹਨ। ਅਕਾਲੀ ਦਲ ’ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਬਾਦਲ ਸਰਕਾਰ ’ਚ ਕਬੱਡੀ ਟੂਰਨਾਮੈਂਟ ਕਰਵਾਏ ਸਨ ਪਰ ਵੱਡੇ ਬਾਲੀਵੁੱਡ ਕਲਾਕਾਰਾਂ ’ਤੇ ਪੈਸਾ ਖਰਚਿਆ ਗਿਆ। ਜਦਕਿ ਮਾਨ ਸਰਕਾਰ ਨੇ ਬਲਬੀਰ ਸਿੰਘ ਸੀਨੀਅਰ ਦੇ ਨਾਂ ’ਤੇ ਸਪੋਰਟਸ ਸਕਾਲਰਸ਼ਿਪ ਸ਼ੁਰੂ ਕੀਤੀ ਹੈ ਅਤੇ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਦੇ ਸਿਤਾਰਿਆਂ ਨੂੰ ਵੀ ਸਨਮਨਤ ਕੀਤਾ ਹੈ। ਜਦੋਂ ਸੂਬਾ ਵਿੱਤੀ ਸੰਕਟ ਨਾਲ ਜੂਝ ਰਿਹਾ ਸੀ ਤਾਂ ਬਾਦਲਾਂ ਦੇ ਸੁਖਵਿਲਾਸ ਹੋਟਲ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਨੂੰ ਵਿਦੇਸ਼ੀ ਪੱਥਰਾਂ ਨਾਲ ਸਜਾਇਆ ਜਾ ਰਿਹਾ ਸੀ।

- Advertisement -

ਕੰਗ ਨੇ ਕਿਹਾ ਕਿ ਗੈਂਗਸਟਰ ਟੋਲੇ ਖ਼ਤਮ ਕਰਨ ਲਈ ਸੂਬਾ ਸਰਕਾਰ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ ਤੇ ਸੰਗਠਤ ਅਪਰਾਧ ਨਾਲ ਜੁੜੇ 300 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ 4000 ਤੋਂ ਵੱਧ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਭਾਜਪਾ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਰੋੜਾਂ ਨੌਕਰੀਆਂ ਪੈਦਾ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦੇ 8 ਸਾਲਾਂ ਦੇ ਸ਼ਾਸਨ ਦੌਰਾਨ ਦੇਸ਼ ਦੇ ਇਤਿਹਾਸ ’ਚ ਬੇਰੁਜ਼ਗਾਰੀ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਹੈ। ਉਨ੍ਹਾਂ ਦੁਹਰਾਇਆ ਕਿ ’ਆਪ’ ਸਰਕਾਰ ਪੰਜਾਬ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਨੂੰ ਰੰਗਲਾ ਬਣਾਉਣ ਲਈ ਬਾਕੀ ਵਾਅਦਿਆਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

Share this Article
Leave a comment