ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਵਾਸਤੇ ਲੰਗਰ ਅਤੇ ਮੈਡੀਕਲ ਸਹੂਲਤਾਂ ਦੀ ਸਹੂਲਤ ਦੇਣ ਮਗਰੋਂ ਹੁਣ ਕਿਸਾਨਾਂ ਦੇ ਸੌਣ ਵਾਲੇ ਆਰਜ਼ੀ ਰੈਣ ਬਸੇਰਿਆਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਜਦਕਿ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਟਿਕਰੀ ਅਤੇ ਸਿੰਧੁ ਬਾਰਡਰ ‘ਤੇ ਕਿਸਾਨਾਂ ਦੀ ਸਹੂਲਤਾਂ ਵਾਸਤੇ ਸੇਵਾਵਾਂ ਦਾ ਜਾਇਜ਼ਾ ਲਿਆ।
ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਵੱਲੋਂ ਪਹਿਲਾਂ ਕਿਸਾਨਾਂ ਵਾਸਤੇ ਗੁਰੂ ਕੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਜਿਸ ਉਪਰੰਤ ਦਵਾਈਆਂ ਅਤੇ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਤੇ ਹੁਣ ਕਿਸਾਨਾਂ ਵਾਸਤੇ ਆਰਜ਼ੀ ਰੈਣ ਬਸੇਰੇ ਬਣਾ ਕੇ ਗੱਦੇ ਅਤੇ ਰਜਾਈਆਂ ਤੇ ਕੰਬਲਾਂ ਦਾ ਪ੍ਰਬੰਧ ਟੈਂਟਾਂ ਵਿਚ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਅਸੀਂ ਰੋਜ਼ਾਨਾਂ ਆਧਾਰ ‘ਤੇ ਕਿਸਾਨਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈ ਰਹੇ ਹਾਂ ਅਤੇ ਜੋ ਵੀ ਲੋੜ ਕਿਸਾਨਾਂ ਨੂੰ ਇਸ ਸੰਘਰਸ਼ ਵਿਚ ਹੋਵੇਗੀ, ਉਸਨੂੰ ਕਮੇਟੀ ਪੂਰਾ ਕਰੇਗੀ।
ਇਸ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਤਵਾਰ ਸਿੰਘ ਹਿੱਤ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਸਿੰਧੁ ਬਾਰਡਰ ‘ਤੇ ਪੁੱਜ ਕੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਹਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਦੀਆਂ ਜ਼ਰੂਰਤਾਂ ਦਾ ਵੀ ਜਾਇਜ਼ਾ ਲਿਆ। ਉਹਨਾਂ ਨੇ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਵਿਸ਼ਵਾਸ ਦੁਆਇਆ ਕਿ ਦਿੱਲੀ ਦੇ ਬਾਰਡਰਾਂ ‘ਤੇ ਆਪਣੀਆਂ ਜਾਇਜ਼ ਹੱਕੀ ਮੰਗਾਂ ਵਾਸਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਤਰੀਕੇ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।