ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਏ ਜਥੇ ਵਿਚ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਸੁਖਵਰਸ਼ ਸਿੰਘ ਪੰਨੂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਪਰਮਜੀਤ ਸਿੰਘ ਖਾਲਸਾ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜਸਪਾਲ ਕੌਰ, ਸ. ਜਗਜੀਤ ਸਿੰਘ ਖਾਲਸਾ ਸਮੇਤ ਪੰਜ ਪਿਆਰੇ ਸਾਹਿਬਾਨ, ਰਾਗੀ ਸਿੰਘ ਅਤੇ ਸੰਗਤਾਂ ਸ਼ਾਮਲ ਸਨ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਹਨ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਥੇ ਦੀ ਰਵਾਨਗੀ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਦੇ ਸਮਾਗਮ 29 ਅਤੇ 30 ਅਕਤੂਬਰ ਨੂੰ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਜਥਾ ਸਮਾਗਮਾਂ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਬਹੁਤ ਅਹਿਮ ਹਨ, ਇਸ ਲਈ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ। ਇਸ ਮੌਕੇ ਜਾਣ ਵਾਲੇ ਵਿਸ਼ੇਸ਼ ਜਥੇ ਵਿਚੋਂ ਵੱਡੀ ਗਿਣਤੀ ਨਾਮ ਕੱਟਣੇ ਠੀਕ ਨਹੀਂ।
ਜਥੇ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਅਗਾਊਂ ਵਫਦ ਪਾਕਿਸਤਾਨ ਗਿਆ ਸੀ, ਜਿਸ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ ਗਈ ਸੀ। ਇਸੇ ਤਹਿਤ ਹੀ ਅੱਜ ਇਹ ਜਥਾ ਰਵਾਨਾ ਹੋਇਆ ਹੈ ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਦੇ ਦਰਸ਼ਨਾਂ ਉਪਰੰਤ 1 ਨਵੰਬਰ ਨੂੰ ਭਾਰਤ ਵਾਪਿਸ ਆਵੇਗਾ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦਿੱਤੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 157 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 117 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਕਿਤੇ ਨਿਰਾਸ਼ਤਾ ਅਤੇ ਕਿਤੇ ਉਤਸ਼ਾਹ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਵਫਦ ਪਾਕਿਸਤਾਨ ਲਈ ਰਵਾਨਾ

Leave a Comment
Leave a Comment