ਅੰਮ੍ਰਿਤਸਰ: ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਵੀ ਭੇਜੀ ਗਈ ਹੈ। ਖਾਸ ਗੱਲ ਇਹ ਹੈ ਕਿ ਹਰਿਮੰਦਰ ਸਾਹਿਬ ਅਤੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਧਮਕੀ ਦੇਣ ਦਾ ਪੈਟਰਨ ਬਿਲਕੁਲ ਇੱਕੋ ਜਿਹਾ ਹੈ। ਜਿਸ ਕਾਰਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਧਮਕੀ ਭਰੇ ਈਮੇਲ ਭੇਜਣ ਵਾਲਾ ਵਿਅਕਤੀ ਉਹੀ ਵਿਅਕਤੀ ਹੈ।
ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹਵਾਈ ਅੱਡਾ ਅਥਾਰਟੀ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ ਅਤੇ ਸਾਈਬਰ ਸੈੱਲ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਹੈ ਕਿ ਮਾਮਲਾ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
ਦੱਸ ਦੇਈਏ ਕਿ ਪੰਜਾਬ ਵਿੱਚ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ। ਹੁਣ ਤੱਕ ਇਹ ਧਮਕੀਆਂ 9 ਵਾਰ ਮਿਲ ਚੁੱਕੀਆਂ ਹਨ ਅਤੇ ਸਾਰੀਆਂ ਈਮੇਲ ਰਾਹੀਂ ਭੇਜੀਆਂ ਗਈਆਂ ਹਨ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਮੰਦਰ ਸਾਹਿਬ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ, ਪੁਲਿਸ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ।