ਅੰਮ੍ਰਿਤਸਰ : ਪੰਜਾਬ ਅੰਦਰ ਅਮਨ ਕਨੂੰਨ ਦੀ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਅੱਜ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੂਰੀ ਦੇ ਕਤਲ ਤੋਂ ਬਾਅਦ ਜਥੇਬੰਦੀਆਂ ਭੜਕ ਗਈਆਂ ਹਨ। ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਇਹ ਕਤਲ ਕਿਸ ਨੇ ਕੀਤਾ ਇਹ ਜਾਂਚ ਦਾ ਵਿਸ਼ਾ ਹੈ ਪਰ ਇਸ ਤੋਂ ਪਹਿਲਾਂ ਹੀ ਹਿੰਦੂ ਜਥੇਬੰਦੀਆਂ ਵੱਲੋਂ ਇਸ ਨੂੰ ਖਾਲਿਸਤਾਨ ਨਾਲ ਜੋੜਿਆ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਅਮਨ ਕਨੂੰਨ ਦੀ ਵਿਵਸਥਾ ‘ਤੇ ਪ੍ਰਤੀਕਿਰਿਆ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਵੱਲੋਂ ਬਾਖੂਬੀ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਈ ਜਾ ਰਹੀ ਹੈ।
ਕੰਗ ਦਾ ਕਹਿਣਾ ਹੈ ਕਿ ਇਹ ਮੰਦਰ ਦਾ ਆਪਣਾ ਰੌਲਾ ਸੀ ਅਤੇ ਦੋ ਧਿਰਾਂ ਦੇ ਵਿਚਕਾਰ ਇਹ ਪੁਰਾਣਾ ਵਿਵਾਦ ਸੀ ਜਿਸ ਦੇ ਚਲਦਿਆਂ ਹੀ ਅੱਜ ਸੂਰੀ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ‘ਚ ਅਮਨ ਕਨੂੰਨ ਦੀ ਸਥਿਤੀ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਉੱਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁੰਵਰ ਵਿਜੇ ਪ੍ਰਤਾਪ ਵੱਲੋਂ ਆਪਣੇ ਹੀ ਪ੍ਰਸ਼ਾਸਨ ‘ਤੇ ਸਵਾਲ ਚੁੱਕੇ ਹਨ। ਵਿਜੇ ਪ੍ਰਤਾਪ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸਨ ਅਮਨ ਕਨੂੰਨ ਦੀ ਸਥਿਤੀ ਨੂੰ ਠੀਕ ਰੱਖਣ ‘ਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਗ੍ਰਹਿ ਮੰਤਰੀ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੰਮ ਸਰਕਾਰ ਅੱਗੇ ਸੱਚਾਈ ਪੇਸ਼ ਕਰਨਾ ਹੈ ਕੋਈ ਵੀ ਫੈਸਲਾ ਲੈਣਾ ਉਨ੍ਹਾਂ ਦਾ ਕੰਮ ਨਹੀਂ ਹੈ।