ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ 15 ਸਤੰਬਰ ਤੋਂ ਖੇਤੀ ਆਰਡੀਨੈਂਸ ਖ਼ਿਲਾਫ਼ ਧਰਨੇ ‘ਤੇ ਬੈਠੇ ਇੱਕ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ (ਸਲਫਾਸ) ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਤੁਰਤ ਕਿਸਾਨ ਨੂੰ ਸਿਵਲ ਹਸਪਤਾਲ ਬਾਦਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਰ ਕੇ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ। ਉਕਤ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਤ ਹੈ।
ਮਿਲੀ ਜਾਣਕਾਰੀ ਅਨੁਸਾਰ ਉਕਤ ਕਿਸਾਨ ਦੀ ਪਹਿਚਾਣ ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਦੇ ਪ੍ਰੀਤਮ ਸਿੰਘ (55) ਪੁੱਤਰ ਬਚਨ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਦੇ ਵਿਰੋਧ ‘ਚ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹਜ਼ਾਰਾਂ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ।