ਸੁਖਜਿੰਦਰ ਰੰਧਾਵਾ, ਤ੍ਰਿਪਤ ਬਾਜਵਾ ਅਤੇ ਤਿੰਨ ਵਿਧਾਇਕ ਤਨਖਾਹੀਆ ਕਰਾਰ

TeamGlobalPunjab
2 Min Read

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਜਿਸ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਲਈ ਚੱਲੇ ਬਰਗਾੜੀ ਮੋਰਚੇ ਸਬੰਧੀ ਵਿਚਾਰ ਕੀਤੀ ਗਈ।

ਪੰਜ ਸਿੰਘ ਸਾਹਿਬਾਨ ਨੇ ਇਸ ਨਤੀਜੇ ‘ਤੇ ਪਹੁੰਚਦਿਆਂ ਕਿਹਾ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਿਆਂ ਲੰਬਾ ਸਮਾਂ ਬੇਅਦਬੀ ਦਾ ਕੋਈ ਇਨਸਾਫ਼ ਨਹੀਂ ਦਿੱਤਾ ਸਗੋਂ ਮੋਰਚੇ ਨੂੰ ਧੋਖੇ ਨਾਲ ਖਤਮ ਕਰਵਾ ਦਿੱਤਾ ਸੀ। ਉਨ੍ਹਾਂ ਕਿਹਾ ਇਸੇ ਤਰ੍ਹਾਂ ਹੀ ਸੁਖਜਿੰਦਰ ਸਿੰਘ ਰੰਧਾਵਾ ਗ੍ਰਹਿ ਮੰਤਰੀ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ,  ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜੀਰਾ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।

ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਇਨ੍ਹਾਂ ਪੰਜਾਂ ਦੀ ਨੀਤੀ ਕੈਪਟਨ ਅਮਰਿੰਦਰ ਸਿੰਘ ਤੋਂ ਵੱਖਰੀ ਨਹੀਂ ਹੈ। ਇਸ ਕਰਕੇ ਸਿੱਖ ਕੌਮ ਨੂੰ ਧੋਖਾ ਦੇਣ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ‘ਤੇ ਸਿਆਸਤ ਖੇਡਣ ਦੇ ਦੋਸ਼ ਅਧੀਨ ਇਨ੍ਹਾਂ ਪੰਜਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।

ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਹੁਕਮਨਾਮਾ ਜਾਰੀ ਕਰਦਿਆਂ ਉਨ੍ਹਾਂ ਕਿਹਾ ਸਮੁੱਚੇ ਖਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਦੇਵਾ ਸੰਗਤਾਂ ਅਤੇ ਗੁਰੂ ਗ੍ਰੰਥ ਸਾਹਿਬ ਉੱਤੇ ਭਰੋਸਾ ਰੱਖਣ ਵਾਲੇ ਸਾਰੇ ਅਵਾਮ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਜਿਨ੍ਹਾਂ ਸਮਾਂ ਇਹ ਪੰਜ ਮੰਤਰੀ ਤੇ ਵਿਧਾਇਕ ਨਿੱਜੀ ਤੌਰ ਤੇ ਅਕਾਲ ਤਖ਼ਤ ਦੇ ਸਾਹਮਣੇ ਪੇਸ਼ ਹੋ ਕੇ ਪੰਥਕ ਰਵਾਇਤਾ ਅਨੁਸਾਰ ਤਨਖਾਹ ਨਹੀਂ ਲਵਾਉਂਦੇ, ਉਨ੍ਹਾਂ ਸਮਾਂ ਇਨ੍ਹਾਂ ਨੂੰ ਕਿਸੇ ਵੀ ਗੁਰਦੁਆਰਾ ਸਹਿਬ ਜਾਂ ਸੰਗਤਾਂ ਇਕੱਠ ਵਿਚ ਬੋਲਣ ਨਾਂ ਦਿੱਤਾ ਜਾਵੇ ਅਤੇ ਨਾ ਹੀ ਕਿਸੇ ਕਿਸਮ ਦਾ ਸਹਿਯੋਗ ਅਤੇ ਕੋਈ ਮਾਣ ਦਿੱਤਾ ਜਾਵੇ।

Share This Article
Leave a Comment