ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸਿੰਘਾਂ ਦੇ ਮਾਮਲੇ ‘ਚ ਬਣਾਈ 6 ਮੈਂਬਰੀ ਸਬ ਕਮੇਟੀ

Global Team
2 Min Read

ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਤੇ ਡਿਬਰੂਗੜ੍ਹ ਜੇਲ੍ਹ ਦੇ ਸਮੂਹ ਨਜ਼ਰਬੰਦ ਸਿੰਘਾਂ ਨਾਲ ਜੇਲ੍ਹ ਵਿਚ ਹੋਏ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਅਧਿਕਾਰ ਦੇ ਹਨਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਵਾਉਣ ਸਬੰਧੀ ਉਨ੍ਹਾਂ ਦੀ ਮੰਗ ਸਬੰਧੀ ਸਰਕਾਰ ਨਾਲ ਰਾਬਤਾ ਕਰਨ ਦੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਛੇ ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਬ-ਕਮੇਟੀ ਦਾ ਗਠਨ ਕਰਦਿਆਂ ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਤੇ ਮਨੁੱਖੀ ਅਧਿਕਾਰਾਂ ਸਬੰਧੀ ਪ੍ਰਸਿੱਧ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਸੁਖਪ੍ਰੀਤ ਸਿੰਘ ਉਦੋਕੇ ਅਤੇ ਭਾਈ ਰਾਜਨਦੀਪ ਸਿੰਘ ਦਮਦਮੀ ਟਕਸਾਲ ਸੰਗਰਾਵਾਂ ਨੂੰ ਸ਼ਾਮਲ ਕੀਤਾ ਹੈ ਜਦੋਂਕਿ ਇਸ ਸਬ-ਕਮੇਟੀ ਦੇ ਕੋ-ਆਰਡੀਨੇਟਰ ਸ. ਗੁਰਿੰਦਰ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਬਣਾਇਆ ਗਿਆ ਹੈ।

ਇਹ ਸਬ-ਕਮੇਟੀ ਤੁਰੰਤ ਪ੍ਰਭਾਵ ਨਾਲ ਕਾਰਜਸ਼ੀਲ ਹੋ ਜਾਵੇਗੀ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਪਿਛਲੀ 16 ਫਰਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀ ਨਜ਼ਰਬੰਦ ਸਿੰਘਾਂ, ਅੰਮ੍ਰਿਤਸਰ ਜੇਲ੍ਹ ਵਿਚ ਨਜ਼ਰਬੰਦ ਸਿੰਘਾਂ ਤੇ ਵਿਰਾਸਤੀ ਮਾਰਗ ਅੰਮ੍ਰਿਤਸਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਡਿਬਰੂਗੜ੍ਹ ਜੇਲ੍ਹ ਦੇ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਦੇ ਨਾਲ ਤਾਲਮੇਲ ਕਰਕੇ ਇਨ੍ਹਾਂ ਦੀਆਂ ਮੰਗਾਂ ਬਾਰੇ ਸਰਕਾਰ ਦੇ ਨਾਲ ਰਾਬਤਾ ਕਰਕੇ ਕਾਰਵਾਈ ਆਰੰਭ ਕਰੇਗੀ ਤਾਂ ਜੋ ਭੁੱਖ ਹੜਤਾਲ ‘ਤੇ ਬੈਠੇ ਕਿਸੇ ਵੀ ਸਿੰਘ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਸਿਹਤ ਨੂੰ ਕੋਈ ਨੁਕਸਾਨ ਨਾ ਹੋਵੇ ਅਤੇ ਉਨ੍ਹਾਂ ਦੇ ਮਸਲੇ ਦਾ ਸਰਲੀਕਰਨ ਹੋ ਸਕੇ।

Share This Article
Leave a Comment