ਅਕਾਲੀ ਦਲ ਦੀ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ

TeamGlobalPunjab
2 Min Read

ਚੰਡੀਗੜ੍ਹ: ਯੂਕਰੇਨ `ਚ ਫਸੇ ਭਾਰਤੀ ਵਿਦਿਆਰਥੀਆਂ ਖਾਸ ਕਰ ਕੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਜਿੱਥੇ ਉਨ੍ਹਾਂ ਦੇ ਮਾਪੇ ਚਿੰਤਤ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ `ਤੇ ਚਿੰਤਾ ਜ਼ਾਹਰ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਚੰਡੀਗੜ੍ਹ `ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਡਾ.ਦਲਜੀਤ ਸਿੰਘ ਚੀਮਾ ਨੇ ਰੂਸ-ਯੂਕਰੇਨ ਜੰਗ ਦੌਰਾਨ ਉੱਥੇ ਫਸੇ ਵਿਦਿਆਰਥੀਆਂ ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਰਤੀ ਵਿਦਿਆਰਥੀ ਅਜੇ ਵੀ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ `ਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ `ਚ ਪੰਜਾਬ ਦੇ ਵਿਦਿਆਰਥੀ ਵੀ ਵੱਡੀ ਗਿਣਤੀ `ਚ ਸ਼ਾਮਲ ਹਨ, ਜਿਸ ਕਾਰਨ ਉਨ੍ਹਾਂ ਦੇ ਮਾਪੇ ਵੱਡੀ ਪਰੇਸ਼ਾਨੀ `ਚੋਂ ਲੰਘ ਰਹੇ ਹਨ।

ਉਨ੍ਹਾਂ ਕਿਹਾ ਕਿ ਮਾਪੇ ਜਦੋਂ ਵੀ ਆਪਣੇ ਬੱਚਿਆਂ ਨਾਲ ਗੱਲ ਕਰਦੇ ਹਨ ਤਾਂ ਪਿੱਛੋਂ ਧਮਾਕੇ ਸੁਣਨ ਨੂੰ ਮਿਲਦੇ ਹਨ, ਮਾਪੇ ਬੁਰੀ ਤਰ੍ਹਾਂ ਸਹਿਮੇ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਨੂੰ ਅਪੀਲ ਕਰਦੇ ਹਨ ਕਿ ਮਾਪਿਆਂ ਨੂੰ ਭਰੋਸਾ ਦੁਆਇਆ ਜਾਵੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ।

ਉਧਰ ਰੂਸ-ਯੂਕਰੇਨ ਜੰਗ ਵਿਚਾਲੇ ਦੁਖਦਾਈ ਖ਼ਬਰ ਵੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜੰਗ `ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਖਾਰਕੀਵ `ਚ ਹੋਈ ਹੈ।

Share this Article
Leave a comment