-ਡਾ. ਦਲਜੀਤ ਸਿੰਘ ਚੀਮਾ ਨੇ ਉਹਨਾਂ ਨੂੰ ਆਖਿਆ ਕਿ ਉਹ ਸੂਬੇ ਵੱਲੋਂ ਡੀਜ਼ਲ ‘ਤੇ ਵੈਟ 2.70 ਰੁਪਏ ਪ੍ਰਤੀ ਲੀਟਰ ਵਧਾਉਣ ਲਈ ਆਪਣੀ ਹੀ ਸਰਕਾਰ ਖਿਲਾਫ ‘ਜਨ ਅੰਦੋਲਨ’ ਸ਼ੁਰੂ ਕਰਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਪੁੱਛਿਆ ਕਿ ਉਹ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਨ ਖਤਮ ਹੋਣ ਬਾਰੇ ਝੂਠ ਬੋਲ ਕੇ ਕਿਸਾਨਾਂ ਨੂੰ ਗੁੰਮਰਾਹ ਕਿਉਂ ਕਰ ਰਹੇ ਹਨ ਤੇ ਪਾਰਟੀ ਨੇ ਉਹਨਾਂ ਨੂੰ ਆਖਿਆ ਕਿ ਉਹ ਕਾਂਗਰਸ ਸਰਕਾਰ ਵੱਲੋਂ ਡੀਜ਼ਲ ‘ਤੇ ਸੂਬੇ ਦੇ ਵੈਟ ਵਿਚ ਪਿਛਲੇ ਦਿਨਾਂ ਦੌਰਾਨ ਕੀਤੇ ਗਏ ਵਾਧੇ ਨੂੰ ਵਾਪਸ ਕਰਵਾ ਕੇ ਕਿਸਾਨਾਂ ਦੇ ਹੱਕ ਲਈ ਲੜਨ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੁਨੀਲ ਜਾਖੜ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਮੂਰਖ ਨਾ ਬਣਾਉਣ। ਉਹਨਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਸੂਬੇ ਵਿਚ ਘੱਟ ਘੱਟ ਤੋਂ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਲਾਗੂ ਹੈ ਜਾਂ ਨਹੀਂ ? ਜੇਕਰ ਲਾਗੂ ਹੈ ਅਤੇ ਪੰਜਾਬ ਦੇ ਕਿਸਾਨਾਂ ਦੀ ਫਸਲ ਸਾਰੀ ਦੀ ਸਾਰੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦੀ ਜਾਵੇਗੀ ਤਾਂ ਫਿਰ ਜਾਖੜ ਕਿਸ ਗੱਲ ਦੇ ਖਿਲਾਫ ਰੋਸ ਮੁਜ਼ਾਹਰੇ ਕਰ ਰਹੇ ਹਨ ?
ਡਾ. ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਾਂਗਰਸ ਨੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਕੂੜ ਪ੍ਰਚਾਰ ਕੀਤਾ ਹੋਵੇ। ਉਹਨਾਂ ਨੇ ਜਾਖੜ ਨੂੰ ਕਿਹਾ ਕਿ ਉਹ ਇਹ ਦੱਸਣ ਕਿ ਜੇਕਰ ਸੂਬੇ ਵਿਚ ਝੋਨੇ ਦੀ ਅਗਲੀ ਫਸਲ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦੀ ਜਾਂਦੀ ਹੈ ਤਾਂ ਕੀ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਉਹਨਾਂ ਕਿਹਾ ਕਿ ਜਾਖੜ ਨੇ ਘੱਟੋ ਘੱਟ ਸਮਰਥਨ ਮੁੱਲ ਦੇ ਵਾਪਸ ਲਏ ਜਾਣ ਬਾਰੇ ਹਊਆ ਖੜ੍ਹਾ ਕਰ ਰੱਖਿਆ ਹੈ ਹਾਲਾਂਕਿ ਕੇਂਦਰੀ ਖੇਤੀਬਾੜੀ ਮੰਤਰੀ ਐਨ ਐਸ ਤੋਮਰ ਨੇ ਸਪਸ਼ਟ ਬਿਆਨ ਦਿੱਤਾ ਹੈ ਕਿ ਇਹ ਵਿਵਸਥਾ ਬਣੀ ਰਹੇਗੀ ਤੇ ਕਾਂਗਰਸ ਪਾਰਟੀ ਜਾਣ ਬੁੱਝ ਕੇ ਕਿਸਾਨ ਜਿਣਸ, ਵਪਾਰ ਤੇ ਵਣਜ ਆਰਡੀਨੈਂਸ ਬਾਰੇ ਗੁੰਮਰਾਹ ਕਰ ਰਹੀ ਹੈ।
ਡਾ. ਚੀਮਾ ਨੇ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਕੇਂਦਰ ਸਰਕਾਰ ਨੇ ਇਹ ਵਾਅਦਾ ਕੀਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਣ ਵਿਵਸਥਾ ਬਣੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਾਂ ਕਿ ਇਹਨਾਂ ਦੋ ਮੁੱਦਿਆਂ ‘ਤੇ ਕੋਈ ਸਮਝੌਤਾ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਨਵੇਂ ਐਕਟ ਵਿਚ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਣ ਲੰਬੇ ਸਮੇਂ ਤੱਕ ਜਾਰੀ ਰੱਖਣ ਲਈ ਢੁਕਵੀਂ ਵਿਵਸਥਾ ਹੈ।
ਡਾ. ਚੀਮਾ ਨੇ ਕਿਹਾ ਕਿ ਇਹਨਾਂ ਤੱਥਾਂ ਨੂੰ ਵੇਖਦਿਆਂ ਚੰਗਾ ਹੋਵੇਗਾ ਜੇਕਰ ਜਾਖੜ ਆਪਣੀ ਹੀ ਸਰਕਾਰ ਵੱਲੋਂ ਡੀਜ਼ਲ ‘ਤੇ ਸੂਬੇ ਦਾ ਵੈਟ 2.70 ਰੁਪਏ ਰੁਪਏ ਵਧਾਉਣ ‘ਤੇ ਆਪਣੀ ਹੀ ਸਰਕਾਰ ਖਿਲਾਫ ਅਸਲ ‘ਜਨ ਅੰਦੋਲਨ’ ਸ਼ੁਰੂ ਕਰਨ। ਉਹਨਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਇਸ ਵਾਰ ਝੋਨੇ ਦੀ ਲੁਆਈ ਲਈ ਮਹਿੰਗੀ ਲੇਬਰ ਦੇ ਭਾਰ ਹੇਠ ਦਬੇ ਹੋਏ ਹਨ ਤੇ ਹੁਣ ਡੀਜ਼ਲ ‘ਤੇ ਵੱਧ ਖਰਚਾ ਕਰਨ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਜੇਕਰ ਜਾਖੜ ਸੱਚਮੁੱਚ ਕਿਸਾਨਾਂ ਦੀ ਭਲਾਈ ਲਈ ਗੰਭੀਰ ਹਨ ਤਾਂ ਉਹਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵਾਧਾ ਤੁਰੰਤ ਵਾਪਸ ਲੈਣ ਲਈ ਰਾਜ਼ੀ ਕਰਨਾ ਚਾਹੀਦਾ ਹੈ।