ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, ਕਿਸਾਨ ਅੰਦੋਲਨ ਦੇ ਚੱਲਦੇ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਯਾਤਰਾ’ ਮੁਲਤਵੀ

Rajneet Kaur
3 Min Read

ਨਿਊਜ਼ ਡੈਸਕ: ਇਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ‘ਤੇ ਡਟ ਗਏ ਹਨ। ਕਿਸਾਨ ਅੰਦੋਲਨ 2.0 ਦੇ ਹੱਕ ਵਿਚ ਕਈ ਸਿਆਸੀ ਪਾਰਟੀਆਂ ਵੀ ਆ ਰਹੀਆਂ ਹਨ। ਕਿਸਾਨ ਅੰਦੋਲਨ ਨੂੰ ਧਿਆਨ ਵਿਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ‘ਪੰਜਾਬ ਬਚਾਓ ਯਾਤਰਾ’ ਨੂੰ ਮੁਲਤਵੀ ਕਰਨ ਦਾ ਵੱਡਾ ਫ਼ੈਸਲਾ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਮੀਟਿੰਗ ਵਿੱਚ ਕਿਸਾਨਾਂ ਦੇ ਸੰਘਰਸ਼ ਸਮੇਤ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।

ਸੁਖਬੀਰ ਬਾਦਲ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾਈ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਵੀਰਵਾਰ ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਅਕਾਲੀ ਦਲ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਸੋਮਵਾਰ ਨੂੰ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ ਸੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖ਼ਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਮੰਗਲਵਾਰ ‘ਦਿੱਲੀ ਕੂਚ’ ਕਰਨਗੇ। ਇਸ ਦੇ ਬਾਅਦ ਬੀਤੇ ਦਿਨ ਕਿਸਾਨਾਂ ਨੇ ਸਵੇਰੇ ਦਿੱਲੀ ਵੱਲ ਕੂਚ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment