ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦਾ ਦਾਅਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਨੂੰ ਖੇਤਰ ਦੀ ਇਸ ਸਿਖਰਲੀ ਵਿਦਿਅਕ ਸੰਸਥਾ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਹਿੱਸੇ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ, “ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਯੂਨੀਵਰਸਿਟੀ ਦੀ ਸੈਨੇਟ ਵਿੱਚ ਪਿਛਲੇ ਦਰਵਾਜ਼ੇ ਤੋਂ ਦਾਖ਼ਲੇ ਲਈ ਹਰਿਆਣਾ ਦੇ ਕਿਸੇ ਯਤਨ ਨੂੰ ਕਾਮਯਾਬ ਹੋਣ ਦਿੱਤਾ ਜਾਵੇਗਾ।”
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਦਰਜੇ ਨੂੰ ਬਦਲਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੇ ਮੱਦੇਨਜ਼ਰ ਸਰਕਾਰ ਅਜਿਹਾ ਬਿਲਕੁਲ ਨਹੀਂ ਹੋਣ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ, ਜਿਸ ਕਾਰਨ ਪੰਜਾਬ ਦੀਆਂ ਕਈ ਪੀੜ੍ਹੀਆਂ ਇਸ ਨਾਲ ਭਾਵਨਾਤਮਕ ਤੌਰ ਉੱਤੇ ਜੁੜੀਆਂ ਹੋਈਆਂ ਹਨ।
ਅਕਾਲੀ ਅਤੇ ਕਾਂਗਰਸੀ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਇਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ 26 ਅਗਸਤ, 2008 ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦੀ ਮੰਗ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਵੀ ਅੱਗੇ ਜਾ ਕੇ ਅਕਾਲੀ ਦਲ ਦੀ ਸਰਕਾਰ ਨੇ ਇਸ ਪ੍ਰਮੁੱਖ ਸੰਸਥਾ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਲਈ ਕੇਂਦਰ ਸਰਕਾਰ ਨੂੰ ਕੋਈ ਇਤਰਾਜ਼ ਨਾ ਹੋਣ ਦਾ ਪੱਤਰ ਵੀ ਜਾਰੀ ਕੀਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਕਿਸ ਆਧਾਰ ‘ਤੇ ਆਪਣੀ ਛਾਤੀ ਠੋਕ ਰਹੇ ਹਨ ਜਦੋਂ ਕਿ ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨੀਵਰਸਿਟੀ ਲਈ ਐਨ.ਓ.ਸੀ. ਦੇਣਾ ਦੇਸ਼ ਧ੍ਰੋਹ ਵਾਲਾ ਕਦਮ ਹੈ ਜਿਸ ਦਾ ਉਦੇਸ਼ ਯੂਨੀਵਰਸਿਟੀ ਉਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੂੰ ਇਸ ਮੁੱਦੇ ‘ਤੇ ਇਕ ਵੀ ਸ਼ਬਦ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਅਤੇ ਪਾਰਟੀਆਂ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਨੂੰ ਜ਼ੋਖਮ ਵਿੱਚ ਪਾ ਕੇ ਆਪਣੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦੇ ਉਤੇ ਕਾਂਗਰਸ ਅਤੇ ਅਕਾਲੀ ਦਲ ਇਕੋ ਸਿੱਕੇ ਦੇ ਦੋ ਪਾਸੇ ਹਨ। ਉਨ੍ਹਾਂ ਮਿਸਾਲ ਦਿੰਦੇ ਹੋਏ ਕਿਹਾ ਕਿ ਹਰਿਆਣਾ ਦੀ ਇਕ ਮਹਿਲਾ ਕਾਂਗਰਸੀ ਵਿਧਾਇਕ ਨੇ ਅਗਸਤ, 2022 ਵਿੱਚ ਸੂਬੇ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੀ ਮਾਨਤਾ ਦੇਣ ਲਈ ਆਪਣੇ ਸੂਬੇ ਦੀ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪਾਖੰਡ ਕਰਦੀਆਂ ਹਨ, ਜਿਨ੍ਹਾਂ ਨੇ ਆਪਣੇ ਸਵਾਰਥ ਲਈ ਸੂਬੇ ਦੇ ਹਿੱਤਾਂ ਦੀ ਹਮੇਸ਼ਾ ਅਣਦੇਖੀ ਕੀਤੀ ਹੈ।