ਚੰਡੀਗੜ੍ਹ” ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਲਗਾਤਾਰ ਪਾਰਟੀ ਅੰਦਰੋਂ ਹੀ ਬਾਗੀ ਸੁਰਾਂ ਉੱਠ ਰਹੀਆਂ ਹਨ। ਇਸੇ ਦਰਮਿਆਨ ਹੁਣ ਪਾਰਟੀ ਅੰਦਰੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਉੱਠੀ ਹੈ। ਦਰਅਸਲ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਧਾਨਾਂ ਅਤੇ ਸਥਾਨਕ ਇੰਚਾਰਜਾਂ ਦੀ ਮੀਟਿੰਗ ਚੱਲ ਰਹੀ ਸੀ ਤਾਂ ਜਲੰਧਰ ਵਿੱਚ ਕਈ ਸੀਨੀਅਰ ਆਗੂ ਇਕੱਠੇ ਹੋਏ ਸਨ। ਇਨ੍ਹਾਂ ਸੀਨੀਅਰ ਆਗੂਆਂ ਨੇ ਜਲੰਧਰ ਵਿੱਚ ਮੀਟਿੰਗ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਬਦਲਣ ਦੀ ਮੰਗ ਕੀਤੀ।
ਜਾਣਕਾਰੀ ਮੁਤਾਬਕ ਇਸ ਮੀਟਿੰਗ ‘ਚ ਜਲੰਧਰ ਚ ਇਕੱਠੇ ਹੋਏ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਖਿਲਾਫ ਬਾਗੀ ਸੁਰ ਅਪਣਾਏ ਹਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ 1 ਜੁਲਾਈ ਨੂੰ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਤੋਂ ਬਾਅਦ ਸਾਰੇ ਸੀਨੀਅਰ ਆਗੂ ਉਥੋਂ ਹੀ ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਦੀ ਸ਼ੁਰੂਆਤ ਕਰਨਗੇ। ਇਸ ਮੀਟਿੰਗ ਵਿੱਚ ਚੰਦੂਮਾਜਰਾ ਸਮੇਤ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ ਤੇ ਹੋਰ ਆਗੂ ਹਾਜ਼ਰ ਸਨ। ਇਸ ਮੀਟਿੰਗ ਨੂੰ ਬਗਾਵਤ ਵਜੋਂ ਦੇਖਿਆ ਜਾ ਰਿਹਾ ਹੈ।
ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੀ ਉਕਸਾਹਟ ‘ਤੇ ਪਾਰਟੀ ਨੂੰ ਢਾਹ ਲਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਪਾਰਟੀ ਵਿਰੋਧੀ ਲੋਕਾਂ ਨੂੰ ਇਸ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਮਾੜੀ ਕਾਰਗੁਜ਼ਾਰੀ ਦੇ ਬਾਵਜੂਦ ਅਕਾਲੀ ਦਲ ਆਪਣੇ ਸਟੈਂਡ ਤੇ ਕਾਇਮ ਹੈ ਕਿ ਉਸ ਨੇ ਭਾਜਪਾ ਨਾਲ ਗਠਜੋੜ ਨਾ ਕਰਕੇ ਸਹੀ ਕੰਮ ਕੀਤਾ ਹੈ। ਪਾਰਟੀ ਭਵਿੱਖ ਵਿੱਚ ਵੀ ਉਨ੍ਹਾਂ ਨਾਲ ਗਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਦੋਵੇਂ ਹੀ ਅਕਾਲੀ ਦਲ ਨੂੰ ਤਬਾਹ ਕਰਨ ਦਾ ਕੰਮ ਕਰ ਰਹੇ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਾਦਲ ਨੇ ਕਿਹਾ ਕਿ ਉਨ੍ਹਾਂ ਲਈ ਕੋਈ ਵੀ ਚੀਜ਼ ਪਾਰਟੀ ਦੇ ਹਿੱਤਾਂ ਤੋਂ ਉਪਰ ਨਹੀਂ ਹੈ। ਲੋਕ ਸਭਾ ਚੋਣਾਂ ਵਿੱਚ ਭਾਜਪਾ ਨਾਲ ਸਮਝੌਤੇ ਦਾ ਭੁਲੇਖਾ ਉਨ੍ਹਾਂ ਲੋਕਾਂ ਵਿੱਚ ਹੀ ਸੀ ਜੋ ਖਾਲਸਾ ਪੰਥ ਦੇ ਹਿੱਤਾਂ ਅਤੇ ਸਿਧਾਂਤਾਂ ਦੀ ਕੀਮਤ ’ਤੇ ਵੀ ਭਾਜਪਾ ਨਾਲ ਗਠਜੋੜ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਕੋਰ ਕਮੇਟੀ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ ਨਾਲ ਗਠਜੋੜ ਦੇ ਖਿਲਾਫ ਹਨ।
ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਬਾਦਲ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਕੁਰਬਾਨੀ ਦੀ ਭਾਵਨਾ ਨੂੰ ਸਮਝਣਾ ਚਾਹੀਦਾ ਹੈ। ਅੱਜ ਪਾਰਟੀ ਦੀ ਹਾਲਤ ਬਹੁਤ ਮਾੜੀ ਹੈ ਅਤੇ ਇਸ ਨੂੰ ਆਪਣੀ ਪੁਰਾਣੀ ਪਛਾਣ ਦੇਣ ਲਈ ਪਾਰਟੀ ਦੇ ਅਹਿਮ ਅਹੁਦਿਆਂ ਤੇ ਤਬਦੀਲੀਆਂ ਜ਼ਰੂਰੀ ਹਨ। ਚੰਦੂਮਾਜਰਾ ਨੇ ਸਪੱਸ਼ਟ ਕਿਹਾ ਮੈਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰਦਾ ਹਾਂ ਕਿ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਸਗੋਂ ਉਨ੍ਹਾਂ ਨੂੰ ਸਮਝੋ।
ਚੰਦੂਮਾਜਰਾ ਨੇ ਕਿਹਾ ਕਿ ਜਲੰਧਰ ਉਪ ਚੋਣਾਂ ਤੋਂ ਬਾਅਦ ਉਹ ਤੈਅ ਕਰਨਗੇ ਕਿ ਪਾਰਟੀ ਦੀ ਭਵਿੱਖੀ ਰਣਨੀਤੀ ਕੀ ਹੋਵੇਗੀ। ਚੰਦੂਮਾਜਰਾ ਦੇ ਹਮਲਾਵਰ ਰਵੱਈਏ ਤੋਂ ਸਪੱਸ਼ਟ ਹੈ ਕਿ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਹੁਣ ਸੁਖਬੀਰ ਬਾਦਲ ਦੀ ਪ੍ਰਧਾਨਗੀ ਸਵੀਕਾਰ ਨਹੀਂ।