ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਰਹੂਮ ਅਕਾਲੀ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਸਾਲਾਨਾ ਵਰ੍ਹੇ ਗੰਢ ਸਮਾਗਮ ਇਕੱਠ ਨਾ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਵੱਲੋਂ ਇਹ ਫੈਸਲਾ ਪੂਰੀ ਦੁਨੀਆਂ ਵਿਚ ਕਰੋਨਾਵਾਇਰਸ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿਸ ਤਹਿਤ ਲਾਗ ਦੀ ਇਸ ਖਤਰਨਾਕ ਬੀਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਮਾਜਿਕ ਇਕੱਠਾਂ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
ਪਾਰਟੀ ਵੱਲੋਂ ਜਾਰੀ ਇੱਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਲਾਨਾ ਸਮਾਗਮ ਬਾਰੇ ਚਰਚਾ ਕਰਨ ਲਈ ਹਰਮੇਲ ਸਿੰਘ ਟੌਹੜਾ ਅਤੇ ਸਰਦਰ ਹਰਿੰਦਰਪਾਲ ਸਿੰਘ ਟੋਹੜਾ ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਸਨ। ਇਸ ਉੱਤੇ ਲੰਬੀ ਵਿਚਾਰ ਚਰਚਾ ਮਗਰੋਂ ਇਹ ਫੈਸਲਾ ਲਿਆ ਗਿਆ ਕਿ ਲੋਕਾਂ ਨੂੰ ਕਰੋਨਾਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਮਰਹੂਮ ਅਕਾਲੀ ਆਗੂ ਦੀ ਵਰ੍ਹੇ ਗੰਢ ਉੱਤੇ ਘੱਟ ਤੋਂ ਘੱਟ ਇਕੱਠ ਕੀਤਾ ਜਾਵੇਗਾ।
ਅਕਾਲੀ ਦਲ ਪ੍ਰਧਾਨ ਨੇ ਇਹ ਵੀ ਸਿਫਾਰਿਸ਼ ਕੀਤੀ ਕਿ ਪਾਰਟੀ ਦੇ ਸਾਰੇ ਵੱਡੇ ਜਾਂ ਛੋਟੇ ਸਮਾਗਮਾਂ ਨੂੰ ਇਸ ਤਰ੍ਹਾਂ ਆਯੋਜਿਤ ਕੀਤਾ ਜਾਣਾ ਚਾਹੀਦਾ ਹੈ ਕਿ ਉੱਥੇ ਘੱਟ ਤੋਂ ਘੱਟ ਭੀੜ ਹੋਵੇ। ਉਹਨਾਂ ਕਿਹਾ ਕਿ ਆਉਣ ਵਾਲੇ ਕੁੱਝ ਹਫ਼ਤਿਆਂ ਤਕ ਅਸੀੰ ਵੱਡੇ ਇਕੱਠਾਂ ਤੋਂ ਪਰਹੇਜ਼ ਕਰਕੇ ਹੀ ਇੱਕ ਦੂਜੇ ਨੂੰ ਸੁਰੱਖਿਅਤ ਰੱਖ ਸਕਾਂਗੇ।