ਚੰਡੀਗੜ੍ਹ : ਹਾਲ ਹੀ ‘ਚ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਇਕ ਪਾਸੇ ਜਿੱਥੇ ਵਿਰੋਧੀ ਧਿਰ ਦਾ ਰੋਲ ਅਦਾ ਕਰ ਰਹੀ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਅੰਦਰ ਕਾਂਗਰਸ ਪਾਰਟੀ ਨੂੰ ਘੇਰਨ ਦੀ ਗੱਲ ਕਹੀ ਜਾ ਰਹੀ ਹੈ ਤਾਂ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਦਿਨ ਮਾਰਚ ਕੱਢ ਕੇ ਕਾਂਗਰਸ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੈਕਟਰ ਪੱਚੀ ਦੇ ਗਰਾਊਂਡ ਵਿੱਚ ਵਿਸ਼ੇਸ਼ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਅਕਾਲੀ ਵਰਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੈਕਟਰ 25 ਦੇ ਗਰਾਊਂਡ ਵਿਚ ਸ਼ਾਮਿਲ ਹੋਣਗੇ।
ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇੱਥੇ ਪਹਿਲਾਂ ਪਾਰਟੀ ਪ੍ਰਧਾਨ ਅਤੇ ਹੋਰ ਆਗੂ ਵਰਕਰਾਂ ਨੂੰ ਸੰਬੋਧਿਤ ਕਰਨਗੇ ਇਸ ਤੋਂ ਬਾਅਦ ਇੱਕ ਸ਼ਾਂਤਮਈ ਰੋਸ ਮਾਰਚ ਕੱਢਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸੱਤਾਧਾਰੀ ਕੈਪਟਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ । ਡਾ ਚੀਮਾ ਨੇ ਦੱਸਿਆ ਕਿ ਭਾਵੇਂ ਉਹ ਘਰ ਘਰ ਰੁਜ਼ਗਾਰ ਦਾ ਵਾਅਦਾ ਹੋਵੇ ਭਾਵੇਂ ਕਰਜ਼ਾ ਮੁਆਫ਼ੀ ਦਾ ਵਾਅਦਾ ਹੋਵੇ ਇੱਕ ਵੀ ਵਾਅਦਾ ਕਾਂਗਰਸ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ ।