ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ ‘ਪੰਜਾਬ ਬਚਾਓ’ ਡਰਾਮੇ ਦੀ ਖੋਲ੍ਹੀ ਪੋਲ: ਬਲਤੇਜ ਪੰਨੂ

Global Team
3 Min Read

ਚੰਡੀਗੜ੍: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ।

ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜਗਜੀਤ ਸਿੰਘ ਜੀਤਾ ਹੀ ਹੈ। ਛਾਪੇਮਾਰੀ ਦੌਰਾਨ ਪੁਲਿਸ ਨੂੰ ਮੌਕੇ ਤੋਂ ਕਈ ਕੁੜੀਆਂ ਮਿਲੀਆਂ, ਜਿਨ੍ਹਾਂ ਵਿੱਚ ਇੱਕ ਨਾਬਾਲਗ ਬੱਚੀ ਦਾ ਹੋਣਾ ਬਹੁਤ ਹੀ ਹਿਰਦੇਵੇਦਕ ਅਤੇ ਚਿੰਤਾਜਨਕ ਹੈ।

ਪੰਨੂ ਨੇ ਸਵਾਲ ਉਠਾਇਆ ਕਿ ਗ੍ਰਿਫ਼ਤਾਰੀ ਦੇ ਇੰਨੇ ਘੰਟੇ ਬੀਤ ਜਾਣ ਤੋਂ ਬਾਅਦ ਵੀ ਕਿਸੇ ਵੀ ਵੱਡੇ ਅਕਾਲੀ ਆਗੂ ਨੇ ਇਸ ‘ਤੇ ਆਪਣੀ ਪ੍ਰਤੀਕਿਰਿਆ ਕਿਉਂ ਨਹੀਂ ਦਿੱਤੀ? ਕੀ ਇਨ੍ਹਾਂ ਦੀ ਚੁੱਪ ਅਪਰਾਧੀਆਂ ਦਾ ਸਿੱਧਾ ਸਮਰਥਨ ਹੈ? ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਤੰਜ ਕੱਸਦਿਆਂ ਪੰਨੂ ਨੇ ਕਿਹਾ ਕਿ ਮੋਗਾ ਵਿੱਚ ਇਸ ਰੈਲੀ ਦੌਰਾਨ ਜਗਜੀਤ ਸਿੰਘ ਜੀਤਾ ਦੀਆਂ ਤਸਵੀਰਾਂ ਵੱਡੇ ਅਕਾਲੀ ਆਗੂਆਂ ਨਾਲ ਸਾਹਮਣੇ ਆਈਆਂ ਹਨ। ਉਨ੍ਹਾਂ ਪੁੱਛਿਆ ਕਿ ਕੀ ਇਹ ਲੋਕ ਇਸ ਤਰ੍ਹਾਂ ਪੰਜਾਬ ਬਚਾਉਣਗੇ? ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ।

ਪੰਨੂ ਨੇ ਕਿਹਾ ਕਿ ਮੋਗਾ ਵਿੱਚ ਪਹਿਲਾਂ ਵੀ ਸਾਹਮਣੇ ਆਏ ਸੈਕਸ ਸਕੈਂਡਲ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਨਾਂ ਉਛਲੇ ਸਨ, ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਅਨੈਤਿਕਤਾ ਅਤੇ ਮਾੜੇ ਧੰਦਿਆਂ ਦਾ ਗੜ੍ਹ ਬਣ ਚੁੱਕੀ ਹੈ। ਬਲਤੇਜ ਪੰਨੂ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਕਿਸੇ ਹੋਰ ਤੋਂ ਨਹੀਂ, ਸਗੋਂ ਇਨ੍ਹਾਂ ਵਰਗੇ ਲੋਕਾਂ ਤੋਂ ਬਚਾਉਣ ਦੀ ਲੋੜ ਹੈ ਜਿਨ੍ਹਾਂ ਨੇ ਆਪਣੇ ਨਿੱਜੀ ਸਵਾਰਥ ਅਤੇ ਲਾਲਚ ਲਈ ਕੋਈ ਵੀ ਮਾੜਾ ਧੰਦਾ ਨਹੀਂ ਛੱਡਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਅਜਿਹੇ ਕਿਸੇ ਵੀ ਅਪਰਾਧੀ ਨੂੰ ਬਖਸ਼ਣ ਵਾਲੀ ਨਹੀਂ ਹੈ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment