ਚੰਡੀਗੜ੍ਹ: ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ, ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਨੇ ਅਦਾਲਤ ਦੇ ਬਾਹਰ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ, ਜਿੱਥੇ ਉਹ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ।
ਵਿਜੀਲੈਂਸ ਨੇ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਵਾਲੇ ਘਰ ਤੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਵਿਜੀਲੈਂਸ ਟੀਮ ਬੁੱਧਵਾਰ ਸਵੇਰੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਿੱਚ ਮਜੀਠੀਆ ਦੇ ਘਰ ਪਹੁੰਚੀ ਸੀ। ਇਸ ਦੌਰਾਨ ਮਜੀਠੀਆ ਅਤੇ ਵਿਜੀਲੈਂਸ ਟੀਮ ਵਿਚਕਾਰ ਬਹਿਸ ਵੀ ਹੋਈ, ਜਿਸ ਦਾ ਵੀਡੀਓ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ।
ਮਜੀਠੀਆ ਨੇ ਕਿਹਾ ਕਿ ਸਾਰੀ ਕਾਰਵਾਈ ਸਿਆਸੀ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ, ਪਰ ਉਹ ਇਸ ਤੋਂ ਡਰਨ ਵਾਲੇ ਨਹੀਂ। ਮਜੀਠੀਆ ਦੀ ਵਿਧਾਇਕ ਪਤਨੀ ਗਨੀਵ ਕੌਰ ਨੇ ਦੋਸ਼ ਲਾਇਆ ਕਿ ਵਿਜੀਲੈਂਸ ਟੀਮ ਨੇ ਘਰ ਵਿੱਚ ਜ਼ਬਰਦਸਤੀ ਵੜਕੇ ਧੱਕਾਮੁੱਕੀ ਕੀਤੀ।
ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ, “ਜਿਹੜੇ ਲੋਕ ਸਭ ਤੋਂ ਪਹਿਲਾਂ ਪੰਜਾਬ ਵਿੱਚ ਨਸ਼ਾ ਲਿਆਏ, ਉਹ ਦੂਜੀ ਪਾਰਟੀ ਦੇ ਮੰਤਰੀ ਸਨ ਅਤੇ ਖੁਦ ਸਮਗਲਰਾਂ ਨੂੰ ਪਨਾਹ ਦਿੰਦੇ ਸੀ। ਹੁਣ ਪੰਜਾਬ ਵਿੱਚ ਸੁਨੇਹਾ ਸਪੱਸ਼ਟ ਹੈ। ਕੋਈ ਵੀ ਆਗੂ ਕਿੰਨਾ ਵੀ ਵੱਡਾ ਕਿਉਂ ਨਾਂ ਹੋਵੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਮਜੀਠੀਆ ਦੇ ਖਿਲਾਫ FIR ਵਿੱਚ ਕੀ?
ਕਰੋੜਾਂ ਦਾ ਸ਼ੱਕੀ ਵਿੱਤੀ ਲੈਣ-ਦੇਣ: 2021 ਵਿੱਚ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਨੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ NDPS ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਸੀ। ਜਾਂਚ ਵਿੱਚ 540 ਕਰੋੜ ਰੁਪਏ ਤੋਂ ਵੱਧ ਦੇ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਏ। FIR ਵਿੱਚ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਵੱਲੋਂ ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਹਾਸਲ ਕਰਨ ਦੇ ਕਾਫੀ ਸਬੂਤ ਦੱਸੇ ਗਏ ਹਨ।
ਮੰਤਰੀ ਬਣਨ ਤੋਂ ਬਾਅਦ ਜਾਇਦਾਦ ਵਧੀ: 2007 ਵਿੱਚ ਜਦੋਂ ਮਜੀਠੀਆ ਵਿਧਾਇਕ ਬਣੇ ਅਤੇ ਬਾਅਦ ਵਿੱਚ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ, ਉਸੇ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਦੇ ਨਾਮ ‘ਤੇ ਜਾਇਦਾਦ ਵਿੱਚ ਬੇਹਿਸਾਬ ਵਾਧਾ ਦਰਜ ਹੋਇਆ। ਪੁਲਿਸ ਮੁਤਾਬਕ, ਇਹ ਜਾਇਦਾਦ ਅਣਜਾਣ ਅਤੇ ਗੈਰ-ਕਾਨੂੰਨੀ ਸਰੋਤਾਂ ਤੋਂ ਹਾਸਲ ਕੀਤੀ ਗਈ। FIR ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਕੱਠੀ ਕੀਤੀ ਸਮੱਗਰੀ ਤੋਂ ਸਾਬਤ ਹੁੰਦਾ ਹੈ ਕਿ ਇਹ ਜਾਇਦਾਦਾਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹਾਸਲ ਕੀਤੀਆਂ ਗਈਆਂ ਹਨ ਅਤੇ ਇਹ “ਗੈਰ-ਕਾਨੂੰਨੀ ਸੰਵਰਧਨ” ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।