ਹਰਿਆਣਾ: ਫਰੀਦਾਬਾਦ ਸਥਿਤ ਅਲ ਫਲਾਹ ਯੂਨੀਵਰਸਿਟੀ ਇੱਕ ਵਾਰ ਫਿਰ ਜਾਂਚ ਏਜੰਸੀਆਂ ਦੇ ਰਡਾਰ ‘ਤੇ ਆ ਗਈ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਯੂਨੀਵਰਸਿਟੀ ਦੇ ਚੇਅਰਮੈਨ ਜਵਾਦ ਅਹਿਮਦ ਸਿੱਦੀਕੀ ਨੂੰ ਕਥਿਤ ਧੋਖਾਧੜੀ ਅਤੇ ਜਾਲਸਾਜ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੂੰ ਚਾਰ ਦਿਨਾਂ ਦਾ ਰਿਮਾਂਡ ਮਿਲਿਆ ਹੈ।
ਦਿੱਲੀ ਪੁਲਿਸ ਅਧਿਕਾਰੀਆਂ ਅਨੁਸਾਰ, ਸਿੱਦੀਕੀ ‘ਤੇ ਗੰਭੀਰ ਵਿੱਤੀ ਅਤੇ ਪ੍ਰਸ਼ਾਸਨਿਕ ਬੇਨਿਯਮੀਆਂ ਦੇ ਦੋਸ਼ ਹਨ। ਪੁੱਛਗਿੱਛ ਦੌਰਾਨ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਯੂਨੀਵਰਸਿਟੀ ਪਹਿਲਾਂ ਹੀ ਕਈ ਕੇਂਦਰੀ ਏਜੰਸੀਆਂ ਦੀ ਜਾਂਚ ਦਾ ਸਾਹਮਣਾ ਕਰ ਰਹੀ ਹੈ।
ਅਲ ਫਲਾਹ ਯੂਨੀਵਰਸਿਟੀ ਦਾ ਨਾਮ ਇਸ ਤੋਂ ਪਹਿਲਾ ਓਦੋ ਸੁਰਖੀਆਂ ਵਿੱਚ ਆਇਆ ਸੀ ਜਦੋਂ ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਵਿੱਚ ਸੰਸਥਾ ਦੇ ਕੁਝ ਮੈਡੀਕਲ ਸਟਾਫ ਦੀ ਭੂਮਿਕਾ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਐਨ.ਆਈ.ਏ. (NIA) ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਯੂਨੀਵਰਸਿਟੀ ਨਾਲ ਜੁੜੇ ਦੋ ਡਾਕਟਰਾਂ, ਮੁਜ਼ੰਮਿਲ ਅਹਿਮਦ ਗਨਈ ਅਤੇ ਸ਼ਾਹੀਨ ਸਈਦ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਇਲਾਵਾ, ਯੂਨੀਵਰਸਿਟੀ ਦਾ ਸਬੰਧ ਪਹਿਲਾਂ ਵੀ ਵਿਵਾਦਾਂ ਨਾਲ ਰਿਹਾ ਹੈ। ਲਾਲ ਕਿਲ੍ਹੇ ਦੇ ਧਮਾਕੇ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਡਾ. ਉਮਰ ਦਾ ਨਾਮ ਵੀ ਇਸੇ ਸੰਸਥਾ ਨਾਲ ਜੁੜਿਆ ਦੱਸਿਆ ਗਿਆ ਸੀ। ਉਸ ਦੇ ਨਾਲ ਕੰਮ ਕਰਨ ਵਾਲੇ ਕੁਝ ਹੋਰ ਵਿਅਕਤੀ ਵੀ ਯੂਨੀਵਰਸਿਟੀ ਵਿੱਚ ਸੇਵਾਵਾਂ ਦੇ ਚੁੱਕੇ ਸਨ। ਇਸ ਤੋਂ ਇਲਾਵਾ ਅਕਾਦਮਿਕ ਮਾਨਤਾ ਨੂੰ ਲੈ ਕੇ ਵੀ ਸੰਸਥਾ ‘ਤੇ ਸਵਾਲ ਉੱਠੇ ਸਨ। ਨਵੰਬਰ ਮਹੀਨੇ ਵਿੱਚ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ (NAAC) ਨੇ ਕਥਿਤ ਫਰਜ਼ੀ ਮਾਨਤਾ ਦੇ ਦਾਵਿਆਂ ਨੂੰ ਲੈ ਕੇ ਯੂਨੀਵਰਸਿਟੀ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਯੂਨੀਵਰਸਿਟੀ ਦੀ ਵੈੱਬਸਾਈਟ ਨੂੰ ਆਫਲਾਈਨ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

