ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਅਚਨਚੇਤ ਅਸਤੀਫ਼ੇ ਉਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਪਣੇ ਲਈ ਕੁਰਸੀ ਦੀ ਲੜਾਈ ’ਚ ਕਾਂਗਰਸੀ ਆਗੂ ਪੰਜਾਬ ਅਤੇ ਲੋਕਾਂ ਦਾ ਅਪਮਾਨ ਕਰ ਰਹੇ ਹਨ।
‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ, “ਕਾਂਗਰਸ ਨੇ ਕੁਰਸੀ ਅਤੇ ਮਾਣ ਦੀ ਲੜਾਈ ਵਿੱਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪੰਜਾਬ ਕਦੇ ਇੰਨਾ ਬਦਨਾਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਾਦਲਾਂ ਵਾਂਗ ਕਾਂਗਰਸ ਨੂੰ ਵੀ ਹੁਣ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੂੰ ਜੜ੍ਹੋਂ ਉਖਾੜਨ ਦਾ ਸਮਾਂ ਆ ਗਿਆ ਹੈ। ”ਪੰਜਾਬ ਦੀ ਸਿਆਸਤ ’ਚ ਅੱਜ ਕੇਵਲ ਆਮ ਆਦਮੀ ਪਾਰਟੀ ਹੀ ਬਚੀ ਹੈ, ਜਿਸ ’ਤੇ ਲੋਕ ਭਰੋਸਾ ਕਰ ਸਕਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਦਿੱਲੀ ’ਚ ਆਪਣੀ ਭਰੋਸੇਯੋਗਤਾ ਲਗਾਤਾਰ ਤੀਜੀ ਵਾਰ ਸਾਬਿਤ ਕੀਤੀ ਹੈ।’’
ਉਨ੍ਹਾਂ ਕਿਹਾ ਕਿ ਕਾਂਗਰਸ ਕੋਲੋਂ ਪੰਜਾਬ ਦੇ ਭਲੇ ਦੀ ਕੋਈ ਉਮੀਦ ਨਹੀਂ ਬਚੀ ਹੈ ਕਿਉਂਕਿ ਕਾਂਗਰਸ ਦਾ ਸੱਭਿਆਚਾਰ ਹੈ, ਜਿੱਥੇ ਕਾਂਗਰਸੀ ਲੋਕਾਂ ਲਈ ਨਹੀਂ ਸਿਰਫ਼ ਆਪਣੀ ਕੁਰਸੀ ਲਈ ਲੜਦੇ ਹਨ। ਪੰਜਾਬ ਦੀ ਸੱਤਾਧਾਰੀ ਕਾਂਗਰਸ ਇਸ ਦੀ ਤਾਜ਼ਾ ਮਿਸਾਲ ਹੈ। ਮਾਨ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਅੱਜ ਵੀ ਕਾਂਗਰਸ ਨਵਜੋਤ ਸਿੰਘ ਸਿੱਧੂ ਲਈ ‘ਸੁਪਰ ਸੀ.ਐਮ’ ਦੀ ਇੱਕ ਵੱਖਰੀ ਕੁਰਸੀ ਲਾ ਦੇਵੇ ਤਾਂ ਨਵਜੋਤ ਸਿੰਘ ਸਿੱਧੂ ਝੱਟ ਸ਼ਾਂਤ ਹੋ ਜਾਣਗੇ।
‘ਆਪ’ ਆਗੂ ਨੇ ਕਿਹਾ ਕਿ ਜੇਕਰ ਸਿੱਧੂ ਸੱਚਮੁੱਚ ਪੰਜਾਬ ਹਿਤੈਸ਼ੀ ਹੁੰਦੇ ਤਾਂ ਜਦ ਨਵੀਂ ਕੈਬਨਿਟ ਲਈ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ ਕੋਟਲੀ ਅਤੇ ਰਾਜ ਵੜਿੰਗ ਵਰਗੇ ਦਾਗੀ ਮੰਤਰੀਆਂ ਦੀ ਸੂਚੀ ਤਿਆਰ ਹੋ ਰਹੀ ਸੀ ਤਾਂ ਉਸ ਸਮੇਂ ਅਸਤੀਫ਼ਾ ਦਿੰਦੇ।