‘ਆਪ’ ਦੇ ਸਾਰੇ ਜਿੱਤੇ ਉਮੀਦਵਾਰ ਸੇਵਾਦਾਰ ਵਜੋਂ ਲੋਕਾਂ ਦੀ ਕਰਨਗੇ ਸੇਵਾ, ਹਰਪਾਲ ਚੀਮਾ ਨੇ ਦਿੱਤਾ ਭਰੋਸਾ

TeamGlobalPunjab
4 Min Read

ਚੰਡੀਗੜ੍ਹ, 17 ਫਰਵਰੀ: ਆਮ ਆਦਮੀ ਪਾਰਟੀ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਆਏ ਨਤੀਜਿਆਂ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ‘ਆਪ’ ਵੱਲੋਂ ਪਹਿਲੀ ਵਾਰ ਚੋਣਾਂ ਲੜੀਆਂ ਗਈਆਂ ਹਨ। ਪੰਜਾਬ ਦੇ ਵੋਟਰਾਂ ਨੇ ਜੋ ਫਤਵਾ ਦਿੱਤਾ ਹੈ ਪਾਰਟੀ ਉਸਦਾ ਸਵਾਗਤ ਕਰਦੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਲਈ ਹੋਈਆਂ ਚੋਣਾਂ ਦੇ ਨਤੀਜੇ ਪਾਰਟੀ ਦੇ ਲਈ ਸ਼ੁਭ ਸੰਕੇਤ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸ਼ਹਿਰੀ ਖੇਤਰ ਵਿੱਚ ਆਧਾਰ ਵਧਿਆ ਹੈ। ਇਸ ਦੌਰਾਨ ਪਾਰਟੀ ਦੀ ਵੋਟ ਫੀਸਦੀ ਵਿੱਚ ਚੰਗਾ ਵਾਧਾ ਹੋਇਆ ਹੋਇਆ ਹੈ। ਇਸ ਤੋਂ ਪਾਰਟੀ ਦੇ ਲਈ ਇਕ ਚੰਗਾ ਸੰਕੇਤ ਹੈ ਕਿ ਆਉਣ ਵਾਲੇ ਸਮੇਂ 2022 ਤੱਕ ਸ਼ਹਿਰੀ ਖੇਤਰ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ‘ਆਪ’ ਦੇ ਉਮੀਦਵਾਰਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਜਿੱਤੇ ਹੋਏ ਕੌਂਸਲਰ ਆਪਣੇ ਵਾਰਡ ਦੇ ਲੋਕਾਂ ਦੀ ਇਕ ਸੇਵਾਦਾਰ ਵਜੋਂ ਕੰਮ ਕਰਦੇ ਹੋਏ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਸਕਾਰਤਮਿਕ ਸੰਕੇਤ ਹਨ।
ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੇ ਆਏ ਨਤੀਜੇ ਦਰਸਾਉਂਦੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਹੋਵੇਗੀ।

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਲੜਨ ਲਈ ਪਾਰਟੀ ਵੱਲੋਂ ਕੁਝ ਕਮੀਆਂ ਰਹੀਆਂ ਹੋਣਗੀਆਂ। ਇਨ੍ਹਾਂ ਕਮੀਆਂ ਦਾ ਸਵੈ ਮੁਲਾਂਕਣ ਕਰਨ ਤੋਂ ਬਾਅਦ ਇਨ੍ਹਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਰਟੀ ਲਈ ਆਏ ਚੋਣ ਨਤੀਜੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਹਮਦਰਦੀਆਂ ‘ਚ ਉਤਸ਼ਾਹ ਪੈਦਾ ਕਰਨ ਵਾਲੇ ਹਨ ਕਿ ਹੁਣ ਪੇਂਡੂ ਖੇਤਰ ਦੇ ਨਾਲ-ਨਾਲ ਸ਼ਹਿਰੀ ਖੇਤਰ ਵਿੱਚ ਵੀ ਪਾਰਟੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰੀ ਖੇਤਰ ਦੀਆਂ ਪਾਰਟੀ ਇਕਾਈਆਂ ਨੂੰ ਮਜ਼ਬੂਤ ਕਰਦੇ ਹੋਏ ਨੌਜਵਾਨਾਂ ਨੂੰ ਵੀ ਲਾਮਬੰਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਕੈਪਟਨ ਸਰਕਾਰ ਨੇ ਪੂਰਾ ਨਹੀਂ ਕੀਤਾ। ਕੈਪਟਨ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਦਾ ਚਿੱਟਾ ਚਿੱਠਾ ਹੁਣ ਪੰਜਾਬ ਦੀ ਜਨਤਾ ਵਿੱਚ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਘਰ-ਘਰ ਰੁਜ਼ਗਾਰ ਦੇਣ ਵਰਗੇ ਵਾਅਦੇ ਕੀਤੇ ਸਨ ਜੋ ਪੂਰੇ ਨਹੀਂ ਕੀਤੇ।

- Advertisement -

ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਾਨਾਸ਼ਾਹੀ ਰਵੱਈਆ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਸੜਕਾਂ ਉੱਤੇ ਦਿਨ ਰਾਤ ਕੱਟਦੇ ਹੋਏ ਅੰਦੋਲਨ ਕਰ ਰਹੇ ਹਨ। ਪ੍ਰੰਤੂ ਮੋਦੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਵਿਰੋਧੀ ਫੈਸਲਿਆਂ ਖਿਲਾਫ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਕੇ ਸਾਹਮਣੇ ਕਰਦੀ ਹੋਈ ਲੋਕਾਂ ਦੇ ਹੱਕਾਂ ਲਈ ਲੜੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹਰ ਪੱਧਰ ਉੱਤੇ ਮਜ਼ਬੂਤ ਕੀਤਾ ਜਾਵੇਗਾ।

Share this Article
Leave a comment